16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਬ ਤਹਿਸੀਲ ਚਨਾਰਥਲ ਕਲਾਂ ਵਿਚ ਤਹਿਸੀਲਦਾਰ ਦੀ ਗ਼ੈਰਹਾਜ਼ਰੀ ਕਾਰਨ ਲੋਕ ਪ੍ਰੇਸ਼ਾਨ-ਭੁੱਟਾ

ਅਜੀਤ ਡੈਸਕ 29-01-2026
ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ ਨੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਘਰਾਂ ਤੱਕ ਹੀ ਸਾਰੀਆਂ ਲੋੜੀਂਦੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸਬ ਤਹਿਸੀਲ ਚਨਾਰਥਲ ਕਲਾਂ ਵਿਚ ਤਹਿਸੀਲਦਾਰ ਦੇ ਡਿਊਟੀ 'ਤੇ ਨਿਯਮਿਤ ਤੌਰ 'ਤੇ ਹਾਜ਼ਰ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਨਾਲ ਪੰਜਾਬ ਸਰਕਾਰ ਦੇ ਸੂਬੇ ਦੇ ਲੋਕਾਂ ਨੂੰ ਵਧੀਆ ਪ੍ਰਸਾਸ਼ਨ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ |
ਅਕਾਲੀ ਆਗੂਆਂ ਨੇ ਕਿਹਾ ਕਿ 55 ਪਿੰਡਾਂ ਦੀ ਸਬ ਤਹਿਸੀਲ ਚਨਾਰਥਲ ਕਲਾਂ ਵਿਚ ਤਕਸੀਮ ਦੇ ਕੇਸ, ਗਰਦਾਵਰੀ, ਨੰਬਰਦਾਰੀ ਨਾਲ ਸਬੰਧਿਤ ਮਾਮਲੇ, ਚੌਕੀਦਾਰਾਂ ਦੇ ਕੇਸ ਲੰਮੇ ਸਮੇਂ ਤੋਂ ਲਟਕ ਰਹੇ ਹਨ | ਇਸ ਤੋਂ ਇਲਾਵਾ ਅਸਲਾ ਲਾਇਸੰਸ ਦੀ ਵੈਰੀਫਿਕੇਸ਼ਨ, ਮੈਰਿਜ ਰਜਿਸਟਰੇਸ਼ਨ, ਵਿਰਾਸਤ ਦੇ ਇੰਤਕਾਲ, ਖਾਨਗੀ ਵਸੀਅਤ ਤੇ ਤਬਾਦਲੇ ਦੇ ਇੰਤਕਾਲ ਅਤੇ ਜਨਰਲ ਇੰਤਕਾਲ ਕਰਵਾਉਣ ਲਈ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਤਹਿਸੀਲਦਾਰ ਦੀ ਗ਼ੈਰਹਾਜ਼ਰੀ ਕਾਰਨ ਇਹ ਸਾਰੇ ਕੰਮ ਅਟਕੇ ਪਏ ਹਨ, ਜਿਸ ਨਾਲ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਤਹਿਸੀਲਦਾਰ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਵੀ ਕੋਈ ਪ੍ਰਵਾਹ ਨਹੀਂ ਕਰ ਰਹੇ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਬ ਤਹਿਸੀਲ ਚਨਾਰਥਲ ਕਲਾਂ ਵਿਚ ਤਹਿਸੀਲਦਾਰ ਦੀ ਨਿਯਮਿਤ ਹਾਜ਼ਰੀ ਯਕੀਨੀ ਬਣਾਈ ਜਾਵੇ ਜਾਂ ਤੁਰੰਤ ਕਿਸੇ ਹੋਰ ਯੋਗ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲ ਸਕੇ | ਇਸ ਮੌਕੇ 'ਤੇ ਰਵੀਪਾਲ ਸਿੰਘ ਟਿਵਾਣਾ, ਪਿਆਰਾ ਸਿੰਘ ਪੰਜੋਲੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਨ ਸ਼ਰਮਾ ਨੇ ਡਾਇਟ ਫ਼ਤਹਿਗੜ੍ਹ ਸਾਹਿਬ ਦਾ ਨਿਊਜ਼ ਲੈਟਰ ਕੀਤਾ ਜਾਰੀ ਅਗਲੀ ਖ਼ਬਰ ਵਿਧਾਇਕ ਬੜਿੰਗ ਨੇ ਸੌਂਟੀ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।