ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਵਲੋਂ ਨਸ਼ੇ ਲਈ ਵਰਤੇ ਜਾਣ ਵਾਲੇ ਟੀਕਿਆਂ ਦੀ ਬਰਾਮਦਗੀ ਦੇ ਕਰੀਬ ਸਾਢੇ ਚਾਰ ਸਾਲ ਪੁਰਾਣੇ ਇਕ ਮਾਮਲੇ ਵਿਚ ਨਾਮਜ਼ਦ ਨੌਜਵਾਨ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ 28 ਅਕਤੂਬਰ 2021 ਨੂੰ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 22(ਸੀ)/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਮਨਜਿੰਦਰ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਡੇਰਾ ਮੀਰ ਮੀਰਾ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਵਿਚ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗੁਰਦੁਆਰਾ ਸ੍ਰੀ ਰਥ ਸਾਹਿਬ ਨਜ਼ਦੀਕ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੌਰਾਨ ਫ਼ਤਹਿਗੜ੍ਹ ਸਾਹਿਬ ਵਾਲੇ ਪਾਸਿਉਂ ਪੈਦਲ ਆ ਰਹੇ ਮਨਜਿੰਦਰ ਸਿੰਘ ਉਰਫ਼ ਸੋਨੂੰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚੋਂ 24 ਟੀਕੇ ਬਿਊਪ੍ਰੋਨੋਰਫਿਨ, 24 ਸ਼ੀਸ਼ੀਆਂ ਏਵਲ ਅਤੇ 14 ਸ਼ੀਸ਼ੀਆਂ ਕਾਕਰੈਕਸ ਬਰਾਮਦ ਹੋਈਆਂ | ਅਦਾਲਤ 'ਚ ਚੱਲੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ 'ਤੇ ਫ਼ਤਹਿਗੜ੍ਹ ਸਾਹਿਬ ਦੀ ਸਪੈਸ਼ਲ ਅਦਾਲਤ ਨੇ ਮਨਜਿੰਦਰ ਸਿੰਘ ਉਰਫ਼ ਸੋਨੂੰ ਨੂੰ ਮਾਮਲੇ ਵਿਚ ਧਾਰਾ 22(ਸੀ) ਐੱਨ.ਡੀ.ਪੀ.ਐੱਸ. ਐਕਟ ਤਹਿਤ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਬਾਮੁਸ਼ੱਕਤ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ |