ਅਮਲੋਹ, 29 ਜਨਵਰੀ (ਕੇਵਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹਾਲ ਹੀ ਵਿਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਚੋਣਾਂ ਸਬੰਧੀ ਕਈ ਅਹਿਮ ਫ਼ੈਸਲੇ ਲਏ ਗਏ | ਇਸ ਮੀਟਿੰਗ ਵਿਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵੱਡੀਆਂ ਚੋਣ ਰੈਲੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਬੁਲਾਰੇ ਤੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਵਿਚ ਅਕਾਲੀ ਦਲ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਕਿਉਂਕਿ ਅਕਾਲੀ ਸਰਕਾਰਾਂ ਦੇ ਸਮੇਂ ਬਿਜਲੀ ਸਰਪਲੱਸ ਬਣੀ, ਸੜਕਾਂ ਦਾ ਜਾਲ ਵਿਛਿਆ, ਨਵੇਂ ਹਵਾਈ ਅੱਡੇ ਬਣੇ, ਥਰਮਲ ਪਲਾਂਟ ਸਥਾਪਿਤ ਹੋਏ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਿਰੋਧੀ ਧਿਰਾਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ | ਮੀਟਿੰਗ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਨੂੰ 10 ਫਰਵਰੀ ਤੱਕ ਮੁਕੰਮਲ ਕਰਨ ਦਾ ਫ਼ੈਸਲਾ ਲਿਆ ਗਿਆ | ਬਾਜਵਾ ਨੇ ਕਿਹਾ ਕਿ ਹੁਣ ਮਸਲਾ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਚੋਣਾਂ ਸਬੰਧੀ ਗੱਠਜੋੜ ਦਾ ਹੈ | ਇਹ ਬੜਾ ਗੰਭੀਰ ਅਤੇ ਸੰਵੇਦਨਸ਼ੀਲ ਮਸਲਾ ਹੈ, ਜਿਸ 'ਤੇ ਕਾਫ਼ੀ ਮੰਥਨ ਦੀ ਲੋੜ ਹੈ |