ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਕੱਲ੍ਹ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਚਾਰਟਡ ਹਵਾਈ ਜਹਾਜ਼ ਹਾਦਸੇ ਵਿਚ ਹੋਈ ਮੌਤ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਵੀ ਕਈ ਵੱਡੀਆਂ ਸ਼ਖ਼ਸੀਅਤਾਂ ਦੀਆਂ ਮੌਤਾਂ ਹਵਾਈ ਹਾਦਸਿਆਂ ਵਿਚ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨੀਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਚਾਰਟਡ ਹਵਾਈ ਜਹਾਜ਼ ਨਾਲ ਹਾਦਸਾ ਵਾਪਰਿਆ ਹੈ, ਉਸ ਵਿਚ ਨਾ ਕੇਵਲ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ਹੋਈ ਹੈ, ਸਗੋਂ ਉਸ ਜਹਾਜ਼ ਦੇ ਹੋਰ ਅਧਿਕਾਰੀ ਵੀ ਮੌਤ ਦੇ ਮੂੰਹ ਵਿਚ ਚਲੇ ਹਨ, ਉਨ੍ਹਾਂ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ | ਸ. ਮਾਨ ਨੇ ਇਸ ਹਾਦਸੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਤਾਂ ਜੋ ਇਸ ਹੋਈ ਮੌਤ ਦੀ ਅਸਲੀਅਤ ਸਾਹਮਣੇ ਆ ਸਕੇ ਕਿ ਇਹ ਹਾਦਸਾ ਸੀ ਜਾਂ ਕੋਈ ਸਾਜ਼ਿਸ਼ |