ਮੰਡੀ ਗੋਬਿੰਦਗੜ੍ਹ, 30 ਮਾਰਚ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਸਟੇਟ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਨਵੇਂ ਅਹੁਦੇਦਾਰਾਂ ਦੀ ਸੂਚੀ ਵਿਚ ਮੰਡੀ ਗੋਬਿੰਦਗੜ੍ਹ ਤੋਂ ਪਾਰਟੀ ਦੇ ਸਰਗਰਮ ਆਗੂ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੂੰ ਸੂਬਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਦੇ ਯੂਥ ਵਿੰਗ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਵਿੱਕੀ ਚਾਹਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ | ਇਸ ਮੌਕੇ ਵਿੱਕੀ ਚਾਹਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਟੇਟ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਯੂਥ ਸ਼ਕਤੀ ਨੂੰ ਸੰਗਠਿਤ ਕਰਕੇ ਪਾਰਟੀ ਨਾਲ ਜੋੜਨਗੇ | ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨੌਜਵਾਨ ਸੂਬੇ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ 'ਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ | ਵਿੱਕੀ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਆਪਣੀਆਂ ਚੋਣ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ, ਉੱਥੇ ਹੀ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਮੋਹਰੀ ਸੂਬਾ ਬਣਾਉਣ ਲਈ ਯਤਨ ਜਾਰੀ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਉਹ 'ਆਪ' ਨੂੰ ਦੁਬਾਰਾ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੱੁਕੇ ਹਨ |