ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਅਹੁਦੇਦਾਰਾਂ ਦੀ ਮਹੱਤਵਪੂਰਨ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਆਲ ਇੰਡੀਆ ਫੈਡਰੇਸ਼ਨ ਦੀ ਜਨਰਲ ਸਕੱਤਰ ਊਸ਼ਾ ਰਾਣੀ ਤੇ ਸੂਬਾ ਪ੍ਰਧਾਨ ਏ.ਆਰ. ਸਿੰਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 136ਵੇਂ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਯੂਨੀਅਨ ਵਲੋਂ ਆਉਣ ਵਾਲੇ ਸਮੇਂ ਵਿਚ ਤਿੱਖੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਮੌਕੇ ਯੂਨੀਅਨ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ |