11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅਜੀਤ ਡੈਸਕ 15-04-2026
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖ ਦੀ ਸੰਗਰਾਂਦ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਦਿਲਾਵਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੰਮਿ੍ਤ ਵੇਲੇ ਆਸਾ ਦੀ ਵਾਰ ਦਾ ਕੀਰਤਨ, ਉਪਰੰਤ ਕਥਾ ਵਿਚਾਰਾਂ ਅਤੇ ਸਾਰਾ ਦਿਨ ਗੁਰਬਾਣੀ ਸ਼ਬਦ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ | ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਸਮਾਗਮ ਦੀ ਸਮਾਪਤੀ ਦੀ ਅਰਦਾਸ ਗਿਆਨੀ ਨਿਰਮਲ ਸਿੰਘ ਨੇ ਕੀਤੀ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਮੁੱਚੀਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਹਾੜੇ ਮੌਕੇ ਖ਼ਾਲਸੇ ਦੀ ਸਾਜਨਾ ਕਰਕੇ ਸਮਾਜ 'ਚੋਂ ਜਾਤ-ਪਾਤ, ਊਚ-ਨੀਚ ਅਤੇ ਭੇਦ-ਭਾਵ ਦੇ ਵਿਤਕਰੇ ਨੂੰ ਮਿਟਾ ਕੇ ਸਮੁੱਚੀ ਸਿੱਖ ਕੌਮ ਨੂੰ ਇਕ ਮਾਲਾ ਵਿਚ ਪ੍ਰੋਇਆ ਸੀ | ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੇ ਪਵਿੱਤਰ ਦਿਹਾੜੇ ਤੋਂ ਪ੍ਰੇਰਨਾ ਲੈਂਦੇ ਹੋਏ ਸੱਚ ਤੇ ਧਰਮ ਦੇ ਮਾਰਗ 'ਤੇ ਚੱਲਦੇ ਹੋਏ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਜਬਰ ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ | ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਪ੍ਰਬੰਧਾਂ ਵਿਚ ਸਹਿਯੋਗ ਕਰਦੇ ਹੋਏ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਉਣ ਵਾਲੀਆਂ ਕਮੇਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕੀਤਾ | ਇਸ ਸਮਾਗਮ ਵਿਚ ਜਥੇਦਾਰ ਜਸਮੇਰ ਸਿੰਘ ਬਡਲਾ, ਨਿਰਮਲ ਸਿੰਘ ਵਾਲੀਆ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾਂ, ਡਾ. ਪਿ੍ਤਪਾਲ ਸਿੰਘ ਤੇ ਕੁਲਵਿੰਦਰ ਸਿੰਘ ਚੀਮਾ (ਸਾਰੇ ਮੀਤ ਮੈਨੇਜਰ), ਹਰਜੀਤ ਸਿੰਘ ਰਿਕਾਰਡ ਕੀਪਰ, ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ | ਖ਼ਾਲਸਾ ਸਾਜਨਾ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਏ ਗਏ |
ਪਿਛਲੀ ਖ਼ਬਰ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 250 ਸਾਲ ਪੁਰਾਣੇ ਸ੍ਰੀ ਠਾਕੁਰ ਦੁਆਰਾ ਲਕਸ਼ਮੀ ਨਰਾਇਣ ਮੰਦਰ ਦੇ ਨਵ-ਨਿਰਮਾਣ ਦੀ ਸੇਵਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।