20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ-ਲਾਲ ਚੰਦ ਕਟਾਰੂਚੱਕ

ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ ਹੈ, ਮੌਜੂਦਾ ਖ਼ਰੀਦ ਸੀਜ਼ਨ ਵਿਚ ਪੰਜਾਬ ਦੀਆਂ ਸਮੁੱਚੀਆਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿ੍ਆ ਦਾ ਜਾਇਜ਼ਾ ਲੈਣ ਮੌਕੇ ਕੀਤਾ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋਂ, ਸੂਬਾ ਪ੍ਰਧਾਨ ਐਸ.ਸੀ. ਵਿੰਗ ਪੰਜਾਬ ਗੁਰਪ੍ਰੀਤ ਸਿੰਘ ਜੀ.ਪੀ. ਸਮੇਤ ਹੋਰ ਅਧਿਕਾਰੀ ਅਤੇ ਰਾਜਸੀ ਆਗੂ ਵੀ ਹਾਜ਼ਰ ਸਨ | ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸੂਬੇ ਕੋਲ 122 ਲੱਖ ਮੀਟਿ੍ਕ ਟਨ (ਐਲ.ਐਮ.ਟੀ.) ਕਣਕ ਦੀ ਖ਼ਰੀਦ ਦਾ ਟੀਚਾ ਹੈ, ਹਾਲਾਂਕਿ ਵਿਭਾਗ ਵਲੋਂ 132 ਐਲ.ਐਮ.ਟੀ. ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਅੰਦਰ ਤਿ੍ਪਾਲਾਂ, ਬਾਰਦਾਨਾ, ਕ੍ਰੇਟਸ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਰਾਜ ਦੀਆਂ ਸਮੁੱਚੀਆਂ ਮੰਡੀਆਂ ਵਿਚ ਹੁਣ ਤੱਕ 39 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ 34 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1818 ਕਰੋੜ ਦੀ ਅਦਾਇਗੀ ਸਿੱਧੀ ਖਾਤਿਆਂ ਵਿਚ ਕਰ ਦਿੱਤੀ ਗਈ ਹੈ | ਕੈਬਨਿਟ ਮੰਤਰੀ ਨੇ ਕਿਹਾ ਪਿਛਲੀਆਂ ਸਰਕਾਰ ਦੇ ਸਮੇਂ ਖ਼ਰੀਦ ਸੀਜ਼ਨ ਵੇਲੇ ਧਰਨੇ, ਬਾਰਦਾਨੇ ਦੀ ਘਾਟ, ਅਦਾਇਗੀ ਆਦਿ ਨੂੰ ਲੈ ਕੇ ਹਮੇਸ਼ਾ ਰੌਲਾ ਚੱਲਦਾ ਰਹਿੰਦਾ ਸੀ | ਸੂਬਾ ਸਰਕਾਰ ਵਿਚ ਅਜਿਹਾ ਚਾਰ ਸਾਲਾਂ ਦੌਰਾਨ ਕਦੇ ਨਹੀਂ ਹੋਇਆ ਅਤੇ ਮੌਜੂਦਾ ਖ਼ਰੀਦ ਪ੍ਰਕਿਰਿਆ ਨੂੰ ਸੁਖਾਵੇਂ ਅਤੇ ਸੁਚਾਰੂ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹੇ ਅੰਦਰ ਖ਼ਰੀਦ ਪ੍ਰਕਿਰਿਆ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ 15 ਮਈ ਤੱਕ ਰਾਜ ਅੰਦਰੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਮੰਡੀ ਪ੍ਰਧਾਨ ਤਰਸੇਮ ਲਾਲ ਉੱਪਲ, ਮੂਲੇਪੁਰ ਮੰਡੀ ਪ੍ਰਧਾਨ ਰਾਜੇਸ਼ ਉੱਪਲ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਹਿਤੇਸ਼ ਉੱਪਲ, ਪਵੇਲ ਹਾਂਡਾ, ਫੂਡ ਸਪਲਾਈ ਤੋਂ ਕੇਵਲ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਆੜ੍ਹਤੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਲੋੜ-ਰਾਜੂ ਖੰਨਾ ਅਗਲੀ ਖ਼ਬਰ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ 'ਤੇ ਠੀਕਰੀ ਪਹਿਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।