ਬਸੀ ਪਠਾਣਾਂ ’ਚ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਲਿਆ ਜਾਇਜ਼ਾ
ਦਰਬਾਰਾ ਸਿੰਘ ਗੁਰੂ ਤੇ ਸਰਬਜੀਤ ਸਿੰਘ ਝਿੰਜਰ ਨੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਬਸੀ ਪਠਾਣਾਂ, 4 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਸੀ ਪਠਾਣਾਂ ਵਿਖੇ 6 ਸਤੰਬਰ ਨੂੰ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਨਜ਼ਰ ਆ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸੀਨੀਅਰ ਅਕਾਲੀ ਆਗੂਆਂ ਨੇ ਨਵੀਂ ਅਨਾਜ ਮੰਡੀ ਵਿਖੇ ਰੈਲੀ ਵਾਲੀ ਥਾਂ ’ਤੇ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਬਸੀ ਪਠਾਣਾਂ, 4 ਸਤੰਬਰ (ਰਾਜਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਸੀ ਪਠਾਣਾਂ ਵਿਖੇ 6 ਸਤੰਬਰ ਨੂੰ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਉਤਸ਼ਾਹ ਨਜ਼ਰ ਆ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸੀਨੀਅਰ ਅਕਾਲੀ ਆਗੂਆਂ ਨੇ ਨਵੀਂ ਅਨਾਜ ਮੰਡੀ ਵਿਖੇ ਰੈਲੀ ਵਾਲੀ ਥਾਂ ’ਤੇ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਨਸ਼ਾ ਘਰ-ਘਰ ਤੱਕ ਪਹੁੰਚ ਚੁੱਕਾ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਕਾਨੂੰਨ ਵਿਵਸਥਾ ਦੇ ਪ੍ਰਬੰਧ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਸੀ ਪਠਾਣਾਂ ਵਿਖੇ ਆਮਦ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ, ਅਤੇ ਲੋਕ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਧਾਨ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦਾ ਮੰਚ ਸਾਬਤ ਹੋਵੇਗੀ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਵਰਕਰਾਂ ਨੂੰ ਰੈਲੀ ਦੀ ਸਫਲਤਾ ਲਈ ਪੂਰੇ ਜੋਸ਼ ਨਾਲ ਜੁਟਣ ਦਾ ਸੱਦਾ ਦਿੱਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਰੈਲੀ ਵਾਲੀ ਥਾਂ ’ਤੇ ਸਟੇਜ, ਲੋਕਾਂ ਦੇ ਬੈਠਣ, ਆਵਾਜਾਈ, ਪਾਰਕਿੰਗ, ਸੁਰੱਖਿਆ ਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਆਗੂਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਆਗੂਆਂ ਨੇ ਕਿਹਾ ਕਿ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਰੋਂਪੁਰ, ਮਨਦੀਪ ਸਿੰਘ ਕਿੱਕੀ, ਸਾਬਕਾ ਕੌਂਸਲ ਪ੍ਰਧਾਨ ਰਮਨ ਗੁਪਤਾ, ਸਤਨਾਮ ਸਿੰਘ ਕਾਲੇਮਾਜਰਾ ਮੈਂਬਰ ਪੀ.ਏ.ਸੀ, ਵਪਾਰ ਮੰਡਲ ਦੇ ਪ੍ਰਧਾਨ ਰਾਜੀਵ ਅਹੂਜਾ, ਨਿਰਮਲ ਸਿੰਘ ਗੁਰੂ, ਮਨਪ੍ਰੀਤ ਸਿੰਘ ਮੰਪੀ, ਸਰਕਲ ਪ੍ਰਧਾਨ ਬਿਰਜੇਸ਼ਵਰ ਸਿੰਘ, ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਸਮੇਤ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।