ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ- ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 27 ਸਤੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਨਸ਼ਿਆਂ ਕਾਰਨ ਪੈਦਾ ਹੋਏ ਹਾਲਾਤ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰਾਜੂ ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਚੁੱਕੀ ਹੈ।
ਮੰਡੀ ਗੋਬਿੰਦਗੜ੍ਹ, 27 ਸਤੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਨਸ਼ਿਆਂ ਕਾਰਨ ਪੈਦਾ ਹੋਏ ਹਾਲਾਤ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰਾਜੂ ਖੰਨਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਬੱਸ ਸਟੈਂਡ ਵਿਖੇ ਇਕ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜੋ ਬਹੁਤ ਹੀ ਦੁਖਦਾਈ ਤੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੀ ਨਸ਼ਿਆਂ ਨਾਲ ਕਈ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਗਰਾਊਂਡ ਪੱਧਰ ’ਤੇ ਲੋਕਾਂ ਨੂੰ ਇਸ ਸਮੱਸਿਆ ਦਾ ਗੰਭੀਰ ਪ੍ਰਭਾਵ ਨਜ਼ਰ ਆ ਰਿਹਾ ਹੈ। ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ’ਤੇ ਨਾ ਛੱਡਿਆ ਜਾਵੇ, ਸਗੋਂ ਹਰ ਘਰ ਦਾ ਵਸਨੀਕ ਇਸ ਸਮਾਜਿਕ ਲੜਾਈ ਦਾ ਹਿੱਸਾ ਬਣੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਲੜਾਈ ਵਿਚ ਲੋਕਾਂ ਦਾ ਡੱਟ ਕੇ ਸਾਥ ਦੇਵੇਗਾ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਇਕ ਵੱਡੀ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ‘ਮਿਸ਼ਨ ਫ਼ਤਹਿ’ ਮੁਹਿੰਮ ਤਹਿਤ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਜੇਕਰ ਕਿਸੇ ਪਰਿਵਾਰ ਵਿਚ ਕੋਈ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸ ਨੂੰ ਇਲਾਜ ਅਤੇ ਨਸ਼ਾ ਮੁਕਤੀ ਕੇਂਦਰ ਤੱਕ ਪਹੁੰਚਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੋਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸੂਬਾ ਮੀਤ ਪ੍ਰਧਾਨ ਭਿੰਦਰ ਸਿੰਘ ਮੰਡੀ, ਸੂਬਾ ਜਥੇਬੰਧਕ ਸਕੱਤਰ ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ ਟਰਾਂਸਪੋਰਟ ਵਿੰਗ, ਸੀਨੀਅਰ ਆਗੂ ਕ੍ਰਿਸ਼ਨ ਕੁੰਭੜਾ, ਜਥੇਦਾਰ ਜਸਪਾਲ ਸਿੰਘ ਕੁੰਭ ਤੇ ਰਾਜਵੰਤ ਸਿੰਘ ਮਾਨ ਆਦਿ ਮੌਜੂਦ ਸਨ।