ਫ਼ਤਹਿਗੜ੍ਹ ਸਾਹਿਬ, 27 ਅਕਤੂਬਰ (ਮਨਪ੍ਰੀਤ ਸਿੰਘ)- ਸੀ. ਆਈ. ਏ. ਸਟਾਫ਼ ਸਰਹਿੰਦ ਦੀ ਪੁਲਿਸ ਨੇ ਇਕ ਵਿਅਕਤੀ ਨੂੰ 500 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨੀਸ਼ ਪਾਸਵਾਨ ਵਾਸੀ ਬਿਹਾਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਤਰਖਾਣ ਮਾਜਰਾ ਨਹਿਰ ਦੇ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਉਕਤ ਵਿਅਕਤੀ ’ਤੇ ਸ਼ੱਕ ਹੋਣ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ’ਚੋਂ ਕਾਥਿਤ ਤੌਰ ਤੇ 500 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਮਨੀਸ਼ ਪਾਸਵਾਨ ਖ਼ਿਲਾਫ਼ ਪਹਿਲਾਂ ਵੀ ਪਟਿਆਲਾ ਵਿਖੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮਨੀਸ਼ ਪਾਸਵਾਨ ਬਿਹਾਰ ਤੋਂ ਅਫ਼ੀਮ ਲਿਆ ਕੇ ਅੱਗੇ ਸਪਲਾਈ ਕਰਦਾ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਇਹ ਘਟਨਾ ਸਮੇਂ ਇਕੱਲਾ ਹੀ ਸੀ, ਇਸ ਦੇ ਨਾਲ ਕੋਈ ਹੋਰ ਸਾਥੀ ਨਹੀਂ ਸੀ । ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।