ਵਪਾਰ ਨੂੰ ਨੁਕਸਾਨ ਪਹੁੰਚਾਉਣਾ ਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਬੇਹੱਦ ਨਿੰਦਣਯੋਗ- ਰਣਦੀਪ ਸਿੰਘ ਨਾਭਾ
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਸਥਾਨਕ ਬਲਾਕ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ਼ਹਿਰ ਦੇ ਵਪਾਰਕ ਮਾਹੌਲ ਨੂੰ ਨੁਕਸਾਨ ਪਹੁੰਚਾਉਣ, ਨਗਰ ਕੌਂਸਲ ਦੇ ਫ਼ੰਡਾਂ ਦੀ ਕਥਿਤ ਦੁਰਵਰਤੋਂ ਅਤੇ ਪੁਲਿਸ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰੀ ਪ੍ਰਬੰਧਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਦੀ ਨਿੱਜੀ ਮਸ਼ਹੂਰੀ ਲਈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਬੇਹੱਦ ਨਿੰਦਣਯੋਗ ਹਨ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਮੰਡੀ ਗੋਬਿੰਦਗੜ੍ਹ, 29 ਅਕਤੂਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)- ਸਥਾਨਕ ਬਲਾਕ ਕਾਂਗਰਸ ਦਫ਼ਤਰ ਵਿਖੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ਼ਹਿਰ ਦੇ ਵਪਾਰਕ ਮਾਹੌਲ ਨੂੰ ਨੁਕਸਾਨ ਪਹੁੰਚਾਉਣ, ਨਗਰ ਕੌਂਸਲ ਦੇ ਫ਼ੰਡਾਂ ਦੀ ਕਥਿਤ ਦੁਰਵਰਤੋਂ ਅਤੇ ਪੁਲਿਸ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰੀ ਪ੍ਰਬੰਧਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਦੀ ਨਿੱਜੀ ਮਸ਼ਹੂਰੀ ਲਈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਬੇਹੱਦ ਨਿੰਦਣਯੋਗ ਹਨ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਨਾਭਾ ਨੇ ਕਿਹਾ ਕਿ ਸਥਾਨਕ ਪੱਧਰ ’ ਤੇ ਮਿਲ ਰਹੀ ਜਾਣਕਾਰੀ ਅਤੇ ਵੱਖ-ਵੱਖ ਸੂਤਰਾਂ ਦੇ ਹਵਾਲੇ ਨਾਲ ਇਕ ਵਿਧਾਇਕ ਦੇ ਭਰਾ ਦੀ ਭੂਮਿਕਾ ਬਾਰੇ ਵੀ ਸਵਾਲ ਉੱਠ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਸਚਾਈ ਸਾਹਮਣੇ ਲਿਆਉਣ ਲਈ ਪੂਰੇ ਤੱਥਾਂ ਦੀ ਜਾਂਚ ਕਰਨੀ ਜ਼ਰੂਰੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਉਸ ਦੇ ਅਹੁਦੇ ਜਾਂ ਸਿਆਸੀ ਪਹੁੰਚ ਦੇ ਆਧਾਰ ’ਤੇ ਬਚਣ ਦਾ ਮੌਕਾ ਨਾ ਮਿਲੇ। ਸਾਬਕਾ ਮੰਤਰੀ ਨੇ ਨਗਰ ਕੌਂਸਲ ਦੇ ਫ਼ੰਡਾਂ ਦੀ ਵਰਤੋਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰੀ ਪੈਸਾ ਸ਼ਹਿਰ ਦੇ ਵਿਕਾਸ, ਸਫ਼ਾਈ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ’ਤੇ ਖ਼ਰਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਜਾਂਚ ਦੌਰਾਨ ਜੇਕਰ ਕੋਈ ਵੀ ਵਿਅਕਤੀ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਜਾਂ ਹੋਰ ਗ਼ਲਤ ਕਾਰਵਾਈਆਂ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਿਸ ਦੀ ਕਾਰਜਸ਼ੈਲੀ ਬਾਰੇ ਬੋਲਦਿਆਂ ਨਾਭਾ ਨੇ ਕਿਹਾ ਕਿ ਪੁਲਿਸ ਦਾ ਮੁੱਖ ਫ਼ਰਜ਼ ਲੋਕਾਂ ਦੀ ਸੁਰੱਖਿਆ ਕਰਨਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ। ਪਰ ਜੇਕਰ ਕਿਸੇ ਮਾਮਲੇ ਵਿਚ ਲਾਸ਼ਾਂ ਨੂੰ ਚੁੱਕ ਕੇ ਲਿਜਾਣ ਦੌਰਾਨ ਅਣਉੱਚਿਤ ਤਰੀਕਾ ਅਪਣਾਇਆ ਜਾਂਦਾ ਹੈ ਜਾਂ ਲੋਕਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਜਾਂਦਾ ਹੈ, ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਪੁਲਿਸ ਅਧਿਕਾਰੀ ਜਾਂ ਉੱਚ ਅਧਿਕਾਰੀ ਦੀ ਗ਼ਲਤੀ ਸਾਹਮਣੇ ਆਉਂਦੀ ਹੈ, ਤਾਂ ਉਸ ਨੂੰ ਵੀ ਕਾਨੂੰਨ ਦੇ ਦਾਇਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਬਲਾਕ ਪ੍ਰਧਾਨ ਸੰਜੀਵ ਦੱਤਾ, ਕਮਲਜੀਤ ਸੋਮਾ, ਜਗਰੂਪ ਸਿੰਘ, ਰਾਮ ਪ੍ਰਕਾਸ਼ ਚੋਪੜਾ, ਦਿਨੇਸ਼ ਸਿੰਘੀ, ਭੁਪਿੰਦਰ ਸਿੰਘ ਕਾਲਾ ਵੀ ਹਾਜ਼ਰ ਸਨ।