ਸੁਖਬੀਰ ਸਿੰਘ ਬਾਦਲ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ-ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 17 ਨਵੰਬਰ (ਰਾਜੇਸ਼ ਸ਼ਰਮਾ,ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 18 ਨਵੰਬਰ ਨੂੰ ਦੁਪਹਿਰ 3 ਵਜੇ ਜੀ. ਸੀ.
ਸ
ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਜੀ.ਸੀ.ਐਲ. ਕਲੱਬ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ ਆਗੂ। ਅਜੀਤ ਤਸਵੀਰ
18-11-2026
ਮੰਡੀ ਗੋਬਿੰਦਗੜ੍ਹ, 17 ਨਵੰਬਰ (ਰਾਜੇਸ਼ ਸ਼ਰਮਾ,ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 18 ਨਵੰਬਰ ਨੂੰ ਦੁਪਹਿਰ 3 ਵਜੇ ਜੀ.ਸੀ.ਐੱਲ. ਕਲੱਬ ਮੰਡੀ ਗੋਬਿੰਦਗੜ੍ਹ ਵਿਖੇ ਹਲਕਾ ਅਮਲੋਹ ਦੇ ਉਦਯੋਗਪਤੀਆਂ, ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਉਹ ਇਲਾਕੇ ਦੇ ਸਨਅਤਕਾਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਮੰਗਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੇ ਸਮੂਹ ਉਦਯੋਗਪਤੀਆਂ, ਕਾਰੋਬਾਰੀਆਂ, ਵਪਾਰੀਆਂ ਅਤੇ ਸਨਅਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦਹਾਕਿਆਂ ਤੋਂ ਪੰਜਾਬ ਦੀ ਸਨਅਤੀ ਪਛਾਣ ਵਜੋਂ ਜਾਣਿਆ ਜਾਂਦਾ ਹੈ ਅਤੇ ਇੱਥੋਂ ਦੇ ਉਦਯੋਗਪਤੀਆਂ ਤੇ ਵਪਾਰੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਸ ਸ਼ਹਿਰ ਨੂੰ ਸਨਅਤੀ ਨਕਸ਼ੇ ’ਤੇ ਵਿਸ਼ੇਸ਼ ਸਥਾਨ ਦਿਵਾਇਆ ਹੈ। ਇਸ ਲਈ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਰਾਜੂ ਖੰਨਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਇਸ ਮੀਟਿੰਗ ਵਿਚ ਸ਼ਾਮਲ ਹੋਣ ਦਾ ਮੁੱਖ ਮਕਸਦ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਸਿੱਧਾ ਸੰਵਾਦ ਰਚਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਾ ਹੈ, ਤਾਂ ਜੋ ਉਨ੍ਹਾਂ ਦੇ ਸੁਝਾਵਾਂ ਨੂੰ ਭਵਿੱਖ ਦੀਆਂ ਸਨਅਤੀ ਅਤੇ ਵਪਾਰਕ ਨੀਤੀਆਂ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਦੀ ਸਨਅਤ ਨੂੰ ਮੁੜ ਪੈਰਾਂ ਸਿਰ ਕਰਨ ਲਈ ਕਈ ਅਹਿਮ ਐਲਾਨ ਕੀਤੇ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਨਅਤ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਅਤੇ ਸਨਅਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ‘ਬਿਲਡ ਪੰਜਾਬ’ ਨਾਂਅ ਦਾ ਨਵਾਂ ਵਿਭਾਗ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀ.ਐਲ.ਯੂ. ਫ਼ੀਸਾਂ ਵਿਚ ਕਟੌਤੀ ਕਰਨ, ਇਕਮੁਸ਼ਤ ਟੈਕਸ ਪ੍ਰਣਾਲੀ ਲਾਗੂ ਕਰਨ ਅਤੇ ਸਵੈ-ਘੋਸ਼ਣਾ ਪ੍ਰਣਾਲੀ ਸ਼ੁਰੂ ਕਰਨ ਦਾ ਵੀ ਵਾਅਦਾ ਕੀਤਾ ਗਿਆ ਹੈ, ਤਾਂ ਜੋ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬੇਲੋੜੀਆਂ ਸਰਕਾਰੀ ਪ੍ਰਕਿਰਿਆਵਾਂ ਅਤੇ ਦਫ਼ਤਰੀ ਉਲਝਣਾਂ ਤੋਂ ਰਾਹਤ ਮਿਲ ਸਕੇ। ਰਾਜੂ ਖੰਨਾ ਨੇ ਕਿਹਾ ਕਿ ਜਦੋਂ ਸਨਅਤ ਤਰੱਕੀ ਕਰਦੀ ਹੈ ਤਾਂ ਇਸ ਦਾ ਲਾਭ ਸਿਰਫ਼ ਉਦਯੋਗਪਤੀਆਂ ਤੱਕ ਹੀ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਮਜ਼ਦੂਰਾਂ, ਵਪਾਰੀਆਂ, ਕਿਸਾਨਾਂ ਅਤੇ ਸਮੁੱਚੇ ਸਮਾਜ ਦੀ ਆਰਥਿਕ ਖ਼ੁਸ਼ਹਾਲੀ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਸਨਅਤ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹੈ ਅਤੇ ਇਸ ਦੇ ਵਿਕਾਸ ਲਈ ਸਨਅਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ, ਵਪਾਰੀ ਪ੍ਰਦੀਪ ਕੁਮਾਰ ਮਿੰਟੂ, ਬਿਲਡਰ ਕੰਵਲਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਉਦਯੋਗਪਤੀ ਭਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਅਮਰਦੀਪ ਸਿੰਘ ਪ੍ਰਿੰਸ ਛੱਤਵਾਲ, ਹਰਮੀਤ ਸਿੰਘ ਖ਼ਾਲਸਾ, ਸਿਮਰਨਜੀਤ ਸਿੰਘ ਧਾਲੀਵਾਲ, ਗੁਰਕੀਰਤ ਸਿੰਘ ਪਨਾਗ, ਗੁਰਪ੍ਰੀਤ ਸਿੰਘ ਨੋਨੀ, ਭਗਵੰਤ ਸਿੰਘ ਗੱਗੀ ਆਦਿ ਹਾਜ਼ਰ ਸਨ।