ਗੁਰਦਾਸਪੁਰ, 20 ਜਨਵਰੀ (ਚੱਕਰਾਜਾ)-ਇਸਤਰੀ ਮੁਲਾਜ਼ਮ ਤਾਲਮੇਲ ਫ਼ਰੰਟ ਦੀ ਅਗਵਾਈ 'ਚ ਬੀ.ਪੀ.ਈ.ਓ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂ ਨਾਨਕ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਤੇ ਤਹਿਸੀਲਦਾਰ ਗੁਰਪ੍ਰੀਤ ਸਿੰਘ ਵਲੋਂ 21 ਜਨਵਰੀ ਨੂੰ 4 ਵਜੇ ਡੀ.ਸੀ ਗੁਰਦਾਸਪੁਰ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਰੋਸ ਪ੍ਰਦਰਸ਼ਨ ਸਮਾਪਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ ਛੁੱਟੀ ਹੋਣ ਦੇ ਬਾਵਜੂਦ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਰੈਲੀ 'ਚ ਸ਼ਾਮਿਲ ਹੋਏ ਤੇ ਮਾਮਲੇ ਦਾ ਫ਼ੌਰੀ ਹੱਲ ਕਰਵਾਉਣ ਲਈ ਡੀ.ਸੀ ਨਾਲ ਮੀਟਿੰਗ ਦੀ ਮੰਗ ਕੀਤੀ | ਜਿਸ ਤੋਂ ਬਾਅਦ ਤਹਿਸੀਲਦਾਰ ਗੁਰਪ੍ਰੀਤ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ 21 ਜਨਵਰੀ ਨੂੰ 4 ਵਜੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਤੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨਾਲ ਸੱਤਾ ਵਿਚ ਆਈ ਸੀ | ਇਸ ਮੌਕੇ ਇਸਤਰੀ ਮੁਲਾਜ਼ਮ ਤਾਲਮੇਲ ਫ਼ਰੰਟ ਦੇ ਕਨਵੀਨਰ ਬਲਵਿੰਦਰ ਕੌਰ ਰਾਵਲਪਿੰਡੀ, ਕੋ-ਕਨਵੀਨਰ ਗੁਰਵਿੰਦਰ ਕੌਰ, ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਜੁਆਇੰਟ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਡੈਮੋਕ੍ਰੇਟਿਕ ਮਿਡ ਡੇ ਮੀਲ ਵਰਕਰਜ਼ ਯੂਨੀਅਨ ਗੁਰਪ੍ਰੀਤ ਕੌਰ, ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਕੌਰ ਅਲੀਸ਼ੇਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਨੋਖ ਸਿੰਘ ਘੋੜੇਵਾਹ, ਇਫਟੂ ਦੇ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਵਿਜੇ ਜਗਤਪੁਰ, ਇਫਟੂ ਦਫ਼ਤਰ ਸਕੱਤਰ ਜੋਗਿੰਦਰਪਾਲ ਘੁਰਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਜ਼ਿਲ੍ਹਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ, ਸੇਵਾ ਮੁਕਤ ਅਧਿਆਪਕ ਸੂਬਾ ਸਿੰਘ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਪੱਡਾ, ਜਮਹੂਰੀ ਅਧਿਕਾਰ ਸਭਾ ਦੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਮਰ ਕ੍ਰਾਂਤੀ ਵਲੋਂ ਸੰਬੋਧਨ ਕੀਤਾ ਗਿਆ |