ਨੌਸ਼ਹਿਰਾ ਮੱਝਾ ਸਿੰਘ, 22 ਜਨਵਰੀ (ਰਵੀ ਭਗਤ)-ਪੰਥਕ ਸੇਵਾਦਾਰ ਭਾਈ ਵੱਸਣ ਸਿੰਘ ਜਫ਼ਰਵਾਲ ਨੇ ਦਿੱਲੀ 'ਚ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਸਿੱਖ ਪੀੜਤ ਪਰਿਵਾਰਾਂ ਨਾਲ ਬੇਇਨਸਾਫ਼ੀ ਹੈ, ਜੋ ਪਿਛਲੇ 41 ਸਾਲਾਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪਰਿਵਾਰਾਂ ਨੂੰ ਡੂੰਘੀ ਸੱਟ ਪਹੁੰਚਾਈ ਹੈ, ਜਿਨ੍ਹਾਂ ਨੇ ਨਵੰਬਰ 1984 ਦੇ ਭਿਆਨਕ ਕਤਲੇਆਮ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਸੀ ਤੇ ਜੋ ਦਹਾਕਿਆਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤੀ ਇਤਿਹਾਸ ਦੀਆਂ ਸਭ ਤੋਂ ਕਰੂਰ ਤੇ ਅਣਮਨੁੱਖੀ ਘਟਨਾਵਾਂ ਵਿਚੋਂ ਇਕ ਹੈ, ਜਦੋਂ ਸਰਕਾਰੀ ਸਰਪ੍ਰਸਤੀ ਹੇਠ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਇਆ ਗਿਆ, ਨਿਰਦੋਸ਼ ਲੋਕਾਂ ਦਾ ਕਤਲ ਕੀਤਾ ਗਿਆ, ਘਰ ਸਾੜ ਦਿੱਤੇ ਗਏ ਤੇ ਪੂਰੇ ਭਾਈਚਾਰੇ ਨੂੰ ਡਰ ਦੇ ਸਾਏ ਵਿਚ ਜਿਊਣ ਲਈ ਮਜਬੂਰ ਕਰ ਦਿੱਤਾ ਗਿਆ | ਜਫ਼ਰਵਾਲ ਨੇ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਪਿਛਲੇ 41 ਸਾਲਾਂ ਤੋਂ ਅਦਾਲਤਾਂ, ਕਮਿਸ਼ਨਾਂ ਅਤੇ ਜਾਂਚ ਏਜੰਸੀਆਂ ਦੇ ਚੱਕਰ ਕੱਟ ਰਹੇ ਹਨ | ਇਸ ਦੇ ਬਾਵਜੂਦ ਦੋਸ਼ੀਆਂ ਨੂੰ ਸਜ਼ਾ ਨਾ ਮਿਲਣਾ ਨਿਆਂ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਜੇਕਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਨਾ ਸਿਰਫ਼ ਪੀੜਤ ਪਰਿਵਾਰਾਂ ਦਾ ਭਰੋਸਾ ਟੁੱਟਦਾ ਹੈ, ਸਗੋਂ ਸਮਾਜ ਦੀ ਸਮੂਹਿਕ ਜ਼ਮੀਰ ਨੂੰ ਵੀ ਸੱਟ ਵੱਜਦੀ ਹੈ |