ਗੁਰਦਾਸਪੁਰ, 29 ਜਨਵਰੀ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ 'ਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫ਼ਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਂਜ਼ ਲਿਵਲੀਹੁੱਡ ਫ਼ਾਰ ਐਸ.ਸੀ ਬੈਨੀਫਿਸਰੀਜ਼ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਸੀ ਸਿੱਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 9 ਫਰਵਰੀ ਤੋਂ 20 ਫਰਵਰੀ ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ) ਅੰਮਿ੍ਤਸਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ 3500 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜ਼ਿਲ ਕਮਰਾ ਨੂੰ 508 ਗੁਰਦਾਸਪੁਰ ਵਿਖੇ 6 ਫਰਵਰੀ ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ | ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ, ਉਮਰ 18 ਤੋਂ 55 ਸਾਲ ਤੇ ਪੰਜਾਬ ਦੇ ਵਸਨੀਕ, ਪੇਂਡੂ ਪਿਛੋਕੜ ਵਾਲੇ ਘੱਟੋ-ਘੱਟ 5ਵੀਂ ਪਾਸ ਹੋਣੇ ਚਾਹੀਦੇ ਹਨ | ਚਾਹਵਾਨ ਉਮੀਦਵਾਰ ਪੜ੍ਹਾਈ ਸਬੰਧੀ ਸਰਟੀਫਿਕੇਟ ਜਾਤੀ ਸਰਟੀਫਿਕੇਟ, ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਤੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ |