ਗੁਰਦਾਸਪੁਰ, 19 ਫਰਵਰੀ (ਪੰਕਜ ਸ਼ਰਮਾ)-ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਵਲੋਂ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਬਿ੍ਸਟੋ ਸੁਰੱਖਿਆ ਪ੍ਰਣਾਲੀ ਅਧੀਨ ਗੁਰਦਾਸਪੁਰ ਦੇ ਲਗਭਗ 40 ਚੌਕਾਂ ਤੇ ਧਾਰਮਿਕ ਅਸਥਾਨਾਂ ਦੇ ਬਾਹਰ ਕਰੀਬ 140 ਤੋਂ ਵੱਧ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ 'ਚ ਲੋਕ ਹਿਤ 'ਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸ਼ਹਿਰ 'ਚ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਨਗਰ ਸੁਧਾਰ ਟਰੱਸਟ ਵਲੋਂ ਸ਼ਹਿਰ ਦੀ ਸੁਰੱਖਿਆ ਲਈ ਗੁਰਦਾਸਪੁਰ ਦੇ ਵੱਖ-ਵੱਖ ਚੌਕਾਂ ਤੇ ਜਨਤਕ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣਗੇ ਤੇ ਕੈਮਰੇ ਲਗਵਾਉਣ ਦੀ ਤਜਵੀਜ਼ ਸਰਕਾਰ ਕੋਲ ਆਪਣੇ ਮਤੇ ਰਾਹੀਂ ਪ੍ਰਵਾਨਗੀ ਲਈ ਭੇਜੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹੋਰ ਬਿਹਤਰ ਸੇਵਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਟਰੱਸਟ ਵਲੋਂ ਉਪਰਾਲੇ ਕੀਤੇ ਜਾਣਗੇ ਤੇ ਜਲਦ ਹੀ ਗੁਰਦਾਸਪੁਰ ਵਿਖੇ ਕੈਮਰੇ ਲਗਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਵਲੋਂ ਪਹਿਲਾਂ ਵੀ ਸ਼ਹਿਰ ਦੀ ਬਿਹਤਰੀ ਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ | ਇਸ ਮੌਕੇ ਟਰੱਸਟ ਦਫ਼ਤਰ ਦਾ ਸਟਾਫ ਹਾਜਰ ਸੀ |