21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰਦਾਸਪੁਰ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਪ੍ਰਬੰਧਾਂ 'ਤੇ ਉੱਠੇ ਸਵਾਲ <br/>

ਅਜੀਤ ਡੈਸਕ 02-04-2026
ਗੁਰਦਾਸਪੁਰ, 1 ਅਪ੍ਰੈਲ (ਚੱਕਰਾਜਾ)-ਗੁਰਦਾਸਪੁਰ ਦੀ ਦਾਣਾ ਮੰਡੀ ਦੀ ਖਸਤਾ ਹਾਲਤ ਅਤੇ ਪ੍ਰਬੰਧਕੀ ਨਾਕਾਮੀਆਂ ਨੂੰ ਲੈ ਕੇ ਆੜ੍ਹਤੀ ਅਸ਼ੋਕ ਵੈਦ ਨੇ ਸੂਬਾ ਸਰਕਾਰ ਤੇ ਸਬੰਧਤ ਵਿਭਾਗਾਂ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਦਾ ਦਮ ਘੁੱਟ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚ ਸਫ਼ਾਈ ਦਾ ਕੋਈ ਪ੍ਰਬੰਧ ਨਹੀਂ ਹੈ, ਹਰ ਪਾਸੇ ਕੂੜੇ ਦੇ ਢੇਰ ਲੱਗੇ ਹਨ ਜਿਸ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਜਦੋਂ ਕਿ ਮੰਡੀ ਦੀਆਂ ਸੜਕਾਂ ਪੂਰੀ ਤਰ੍ਹਾਂ ਟੁੱਟ ਚੁੱਕੀਆਂ ਹਨ ਤੇ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਮੰਡੀ ਵਿਚ ਫੈਲ ਰਿਹਾ ਹੈ ਜਿਸ ਵੱਲ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਹਾਲਾਤ ਬਿਲਕੁਲ ਉਲਟ ਹਨ | ਉਨ੍ਹਾਂ ਮੰਗ ਕੀਤੀ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਦੀ ਕਾਇਆ-ਕਲਪ ਕੀਤੀ ਜਾਵੇ | ਜਦੋਂ ਇਸ ਸੰਬੰਧੀ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਸਕੱਤਰ ਸੁਰਿੰਦਰ ਸਿੰਘ ਕਾਹਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਹਨ | ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਸਾਫ਼-ਸਫ਼ਾਈ ਤੇ ਬੈਠਣ ਲਈ ਉਚਿੱਤ ਪ੍ਰਬੰਧ ਕੀਤੇ ਗਏ ਹਨ | ਮਾਰਕੀਟ ਕਮੇਟੀ ਗੁਰਦਾਸਪੁਰ ਵਲੋਂ ਦਾਅਵਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ |

ਪਿਛਲੀ ਖ਼ਬਰ ਦੋ ਨਕਾਬਪੋਸ਼ਾਂ ਨੇ ਨਕਲੀ ਪਿਸਤੌਲ ਦਿਖਾ ਕੇ 20 ਹਜ਼ਾਰ ਰੁਪਏ ਲੁੱਟੇ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੇਬਰ ਕੋਡਾਂ ਖ਼ਿਲਾਫ਼ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।