ਗੁਰਦਾਸਪੁਰ, 1 ਅਪ੍ਰੈਲ (ਚੱਕਰਾਜਾ/ਅਸ਼ੋਕ ਸ਼ਰਮਾ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਲ 2026 ਦੌਰਾਨ ਕਣਕ (ਹਾੜੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ | ਇਹ ਆਮ ਵੇਖਣ ਵਿਚ ਆਇਆ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਕਟਾਈ ਉਪਰੰਤ ਕਈ ਕਿਸਾਨਾਂ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਰਕੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਨ ਕਾਰਨ ਇਸ ਵਿਚ ਮੌਜੂਦ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੇ ਆਲੇ-ਦੁਆਲੇ ਖੜੀ ਫ਼ਸਲ ਦੇ ਨਾਲ-ਨਾਲ ਪਿੰਡਾਂ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ | ਅੱਗ ਨਾਲ ਪੈਦਾ ਹੋਏ ਧੰੂਏਾ ਕਾਰਨ ਸੜਕੀ ਹਾਦਸੇ ਵਾਪਰਨ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਤੇ ਪਿੰਡਾਂ ਵਿਚ ਵੀ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ | ਇਹ ਹੁਕਮ 01-04-2026 ਤੋਂ 10-06-2026 ਤੱਕ ਲਾਗੂ ਰਹੇਗਾ |