ਪਠਾਨਕੋਟ/ਮਾਧੋਪੁਰ, 1 ਅਪ੍ਰੈਲ (ਵਿਨੋਦ/ਮਹਿਰਾ)- ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਿਤ ਨਹਿਰ ਯੂ.ਬੀ.ਡੀ.ਸੀ. (ਨਜ਼ਦੀਕ ਬਹੇੜੀ ਬਜ਼ੁਰਗ) ਵਿਖੇ ਵਿਸ਼ੇਸ਼ ਦੌਰਾ ਕੀਤਾ ਗਿਆ ਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ, ਇਰੀਗੇਸ਼ਨ ਤੇ ਪੀ.ਐਸ.ਪੀ.ਸੀ.ਐਲ. ਦੇ ਜ਼ਿਲ੍ਹਾ ਅਧਿਕਾਰੀ ਨਿਤਿਨ ਠਾਕੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਦੀਪ ਕੁਮਾਰ ਬਲਾਕ ਪ੍ਰਧਾਨ ਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਸਾਲ 2025 ਦੌਰਾਨ ਪੰਜਾਬ ਵਿਚ ਕੁਦਰਤੀ ਆਫ਼ਤ ਤੋਂ ਬਾਅਦ ਸਰਕਾਰ ਵਲੋਂ ਤੇਜ਼ੀ ਨਾਲ ਰਾਹਤ ਤੇ ਪੁਨਰਵਾਸ ਕਾਰਜ ਜਾਰੀ ਕੀਤੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਾਲ ਹੀ ਵਿਚ ਇਕ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕੀਤਾ ਜਿਸ ਕਾਰਨ ਰਾਜ ਦੇ ਕਈ ਹਿੱਸਿਆਂ ਵਿਚ ਵੱਡੇ ਪੱਧਰ 'ਤੇ ਨੁਕਸਾਨ ਹੋਇਆ | ਇਸ ਆਫ਼ਤ ਦੌਰਾਨ ਲੋਕਾਂ ਨੇ ਆਪਣੇ ਅੱਖਾਂ ਸਾਹਮਣੇ ਘਰਾਂ, ਫ਼ਸਲਾਂ ਤੇ ਪਸ਼ੂ ਧਨ ਦਾ ਨੁਕਸਾਨ ਹੁੰਦਾ ਦੇਖਿਆ | ਖੇਤੀਬਾੜੀ ਜ਼ਮੀਨ ਨੂੰ ਵੀ ਕਾਫ਼ੀ ਹਾਨੀ ਪਹੁੰਚੀ ਜਿਸ ਨਾਲ ਕਿਸਾਨਾਂ ਨੂੰ ਭਾਰੀ ਝਟਕਾ ਲੱਗਾ ਹੈ | ਇਸ ਸੰਕਟਮਈ ਘੜੀ ਵਿਚ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ | ਪ੍ਰਸ਼ਾਸਨ ਨੇ ਲੋਕਾਂ ਦੀ ਬਾਂਹ ਫੜਦਿਆਂ ਰਾਹਤ ਕਾਰਜ ਲਗਾਤਾਰ ਜਾਰੀ ਰੱਖੇ ਤੇ ਨੁਕਸਾਨ ਦੀ ਭਰਪਾਈ ਲਈ ਵੀ ਉਪਰਾਲੇ ਕੀਤੇ ਗਏ | ਇਸ ਸਬੰਧੀ ਇਕ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੁਕਸਾਨੀ ਹੋਈ ਨਹਿਰ ਤੇ ਡੈਮ ਸਿਸਟਮ ਨੂੰ ਮੁੜ ਚਾਲੂ ਕਰਨ ਲਈ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ | ਇਰੀਗੇਸ਼ਨ ਵਿਭਾਗ, ਬਿਜਲੀ ਬੋਰਡ ਤੇ ਹੋਰ ਸਬੰਧਿਤ ਅਧਿਕਾਰੀਆਂ ਦੀ ਸਾਂਝੀ ਕੋਸ਼ਿਸ਼ ਨਾਲ ਲਗਪਗ 10 ਦਿਨਾਂ ਦੇ ਅੰਦਰ ਇਸ ਪ੍ਰੋਜੈਕਟ ਨੂੰ ਚਾਲੂ ਕਰਨ ਦਾ ਟਾਰਗੇਟ ਰੱਖਿਆ ਗਿਆ ਹੈ | ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਡੈਮ ਵਿਚ ਪਾਣੀ ਦੀ ਸਪਲਾਈ ਮੁੜ ਸ਼ੁਰੂ ਹੋ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਲੋੜ ਅਨੁਸਾਰ ਪਾਣੀ ਉਪਲੱਬਧ ਕਰਵਾਇਆ ਜਾਵੇਗਾ | ਇਸ ਨਾਲ ਖੇਤੀਬਾੜੀ ਕਾਰਜਾਂ ਨੂੰ ਮੁੜ ਪੱਟੜੀ 'ਤੇ ਲਿਆਂਦਾ ਜਾ ਸਕੇਗਾ ਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਸਰਕਾਰ ਵਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਬੰਦ ਪ੍ਰੋਜੈਕਟਾਂ ਨੂੰ ਪੂਰੀ ਤਰ੍ਹਾਂ ਚਾਲੂ ਕਰਕੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਜਲਦੀ ਪੂਰਾ ਕੀਤਾ ਜਾਵੇ |