ਘਰੋਟਾ, 1 ਅਪ੍ਰੈਲ (ਸੰਜੀਵ ਗੁਪਤਾ)- ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਨਵਾਂ ਪਿੰਡ, ਪਪਿਆਲ ਅਤੇ ਝਲੋਇਆ ਵਿਚ ਵਿਸ਼ਾਲ ਲੋਕ ਸੰਪਰਕ ਪ੍ਰੋਗਰਾਮ ਕਰਵਾਏ ਗਏ | ਇਨ੍ਹਾਂ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ 'ਚ ਸਥਾਨਿਕ ਵਸਨੀਕਾਂ ਨੇ ਭਾਗ ਲਿਆ ਤੇ ਸਰਕਾਰ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਪਵਨ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨਾਲ ਸਰਪੰਚ ਬਲਬੀਰ ਕੁਮਾਰ, ਸਰਪੰਚ ਸੁਖਵਿੰਦਰ ਕੌਰ ਤੇ ਸਰਪੰਚ ਸਤੀਸ਼ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਪ੍ਰੋਗਰਾਮ ਦੌਰਾਨ ਬਲਾਕ ਸੰਮਤੀ ਚੇਅਰਮੈਨ ਪਵਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਵਿਚ ਲੋਕ ਭਲਾਈ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ | ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਿੱਖਿਆ ਤੇ ਸਿਹਤ ਸੇਵਾਵਾਂ ਵਿਚ ਸੁਧਾਰ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਲਾਕੇ ਵਿਚ ਲਗਾਤਾਰ ਵਿਕਾਸੀ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਲੋਕ ਸੰਪਰਕ ਪ੍ਰੋਗਰਾਮ ਬਹੁਤ ਮਹੱਤਵਪੂਰਨ ਸਾਬਤ ਹੋ ਰਹੇ ਹਨ | ਇਸ ਮੌਕੇ ਸਥਾਨਕ ਲੋਕਾਂ ਨਾਲ ਸੰਵਾਦ ਵੀ ਕੀਤਾ ਗਿਆ ਜਿੱਥੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਰੱਖੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ |