ਘੁਮਾਣ, 7 ਮਈ (ਬੰਮਰਾਹ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ | ਪੰਜਾਬ ਦੇ ਸਾਰੇ ਹਲਕਿਆਂ ਵਿਚ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਪੀਆਂ ਜਾ ਰਹੀਆਂ ਹਨ | ਪਾਰਟੀ ਹਾਈਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਵਿਕਾਸ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ 34 ਮੈਂਬਰੀ ਸਟੇਟ ਕੌਂਸਲ ਸਲਾਹਕਾਰ ਕਮੇਟੀ ਬਣਾਈ ਗਈ ਹੈ | ਇਹ ਕਮੇਟੀ ਐੱਸ.ਸੀ. ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੇ ਨਾਲ-ਨਾਲ ਹੋਰ ਵੀ ਉੱਚ ਪੱਧਰ ਦੇ ਫ਼ੈਸਲੇ ਲੈਣ ਲਈ ਅਹਿਮ ਭੂਮਿਕਾ ਨਿਭਾਵੇਗੀ | ਇਸ ਕਮੇਟੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਵੀ ਵੱਡੀ ਜ਼ਿਮੇਵਾਰੀ ਸੌਪੀ ਹੈ | ਇਸ ਕਮੇਟੀ ਵਿਚ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ ਅਤੇ ਸ਼੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਹੋਰ ਵੱਡੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਹ ਜ਼ਿੰਮੇਵਾਰੀ ਮਿਲਣ 'ਤੇ ਰੰਗੜ ਨੰਗਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਐੱਸ.ਸੀ. ਵਰਗ ਪੰਜਾਬ ਵਿਚ ਸਰਕਾਰ ਬਣਾਉਣ ਲਈ ਆਪਣਾ ਵੱਡਾ ਯੋਗਦਾਨ ਪਾਵੇਗਾ | ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣੇਗੀ, ਜਿਸ ਵਿਚ ਪਾਰਟੀ ਅੱੈਸ.ਸੀ. ਵਰਗ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੇਗੀ |