ਡੇਰਾ ਬਾਬਾ ਨਾਨਕ, 7 ਮਈ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਸ਼ਰਮਾ ਦੀ ਅਗਵਾਈ 'ਚ ਗੈਰ ਸਮਾਜਿਕ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੇ 8 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਐਸ.ਆਈ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਸ਼ਾਹਪੁਰ ਜਾਜਨ ਦੇ ਮੋੜ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਇਕ ਵਿਅਕਤੀ ਬਿਨ੍ਹਾਂ ਨੰਬਰ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਜ਼ਮੀਨ 'ਤੇ ਸੁੱਟ ਦਿੱਤਾ, ਜਿਸ 'ਤੇ ਪੁਲਿਸ ਪਾਰਟੀ ਨੇ ਮੁਸ਼ਤੈਦੀ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਂਅ ਹਰਵਿੰਦਰ ਸਿੰਘ ਵਾਸੀ ਸ਼ਾਹਪੁਰ ਜਾਜਨ ਦੱਸਿਆ | ਉਸ ਨੇ ਦੱਸਿਆ ਕਿ ਉਹ ਤੇ ਉਸ ਦਾ ਸਾਥੀ ਕਰਮ ਚੰਦ ਵਾਸੀ ਪਿੰਡ ਰੱਤਾ ਮਿਲ ਕੇ ਇਹ ਕੰਮ ਕਰਦੇ ਹਨ | ਪੁਲਿਸ ਨੇ ਦੂਜੇ ਮੁਲਜ਼ਮ ਨੂੰ ਵੀ ਕਾਬੂ ਕਰਕੇ ਇਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |