17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੇਸਹਾਰਾ ਪਸ਼ੂ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ-ਚਾਲਕ ਗੰਭੀਰ ਜ਼ਖ਼ਮੀ

ਅਜੀਤ ਡੈਸਕ 22-01-2026
ਅਬੋਹਰ, 21 ਜਨਵਰੀ (ਵਿਵੇਕ ਹੂੜੀਆ)-ਅਬੋਹਰ-ਹਨੂਮਾਨਗੜ੍ਹ ਰੋਡ 'ਤੇ ਬੀਤੀ ਰਾਤ ਪਿੰਡ ਰਾਮਸਰਾ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੜਕ 'ਤੇ ਅਚਾਨਕ ਬੇਸਹਾਰਾ ਪਸ਼ੂ ਆ ਜਾਣ ਕਾਰਨ ਉਸ ਨੂੰ ਬਚਾਉਂਦੇ ਹੋਏ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਜਾ ਟਕਰਾਈ ਅਤੇ ਖੇਤਾਂ 'ਚ ਜਾ ਕੇ ਪਲਟ ਗਈ | ਇਸ ਹਾਦਸੇ ਵਿਚ ਕਾਰ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਦਕਿ ਕਾਰ ਦੇ ਪਰਖੱਚੇ ਉੱਡ ਗਏ | ਖ਼ੁਸ਼ਕਿਸਮਤੀ ਰਹੀ ਕਿ ਚਾਲਕ ਦੀ ਜਾਨ ਬਚ ਗਈ | ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖ਼ਮੀ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ | ਜਾਣਕਾਰੀ ਅਨੁਸਾਰ ਪਿੰਡ ਬਹਾਵਵਾਲਾ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਬੀਤੀ ਰਾਤ ਆਪਣੀ ਆਈ-20 ਕਾਰ ਵਿਚ ਸਵਾਰ ਹੋ ਕੇ ਪਿੰਡ ਤੋਂ ਸ਼ਹਿਰ ਕਿਸੇ ਕੰਮ ਲਈ ਜਾ ਰਹੇ ਸਨ | ਜਦੋਂ ਉਹ ਪਿੰਡ ਰਾਮਸਰਾ ਨੇੜੇ ਪਹੁੰਚੇ ਤਾਂ ਅਚਾਨਕ ਇਕ ਪਸ਼ੂ ਸੜਕ ਦੇ ਵਿਚਕਾਰ ਆ ਗਿਆ | ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਕਾਰ ਬੇਕਾਬੂ ਹੋ ਗਈ ਅਤੇ ਕਾਰ ਪਹਿਲਾਂ ਦਰਖ਼ਤ ਨਾਲ ਟਕਰਾਈ ਅਤੇ ਫਿਰ ਕਈ ਪਲਟੀਆਂ ਖਾਂਦੀ ਹੋਈ ਖੇਤਾਂ ਵਿਚ ਜਾ ਡਿੱਗੀ | ਜ਼ਖ਼ਮੀ ਮਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਗਹਿਰੇ ਰੋਸ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨੋਂ-ਦਿਨ ਵਧਦੀ ਜਾ ਰਹੀ ਹੈ | ਸ਼ਹਿਰਾਂ ਅਤੇ ਹਾਈਵੇਅ 'ਤੇ ਪਸ਼ੂਆਂ ਦੇ ਝੁੰਡ ਲੱਗੇ ਰਹਿੰਦੇ ਹਨ, ਜੋ ਰੋਜ਼ਾਨਾ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ ਵਿਚ ਗੱਡੀ ਦਾ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ |
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਬੇਸਹਾਰਾ ਪਸ਼ੂਆਂ ਦਾ ਜਲਦ ਹੱਲ ਕਰੇ ਤਾਂ ਜੋ ਕਿਸੇ ਹੋਰ ਦੀ ਜਾਨ ਖ਼ਤਰੇ ਵਿਚ ਨਾ ਪਵੇ | ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ | ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਚਾਲਕ ਦੀ ਬਾਂਹ ਅਤੇ ਕਮਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ | ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਸੀ, ਜਿਸ ਤੋਂ ਬਾਅਦ ਫੋਰਸ ਨੇ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਾਲੂ ਕਰਵਾਇਆ |
ਪਿਛਲੀ ਖ਼ਬਰ ਏਟਕ ਵਲੋਂ 26 ਫਰਵਰੀ ਨੂੰ ਏ. ਐਲ. ਸੀ. ਅਤੇ 27 ਨੂੰ ਲੇਬਰ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ ਪੁਲਿਸ ਵਲੋਂ ਨਾਮੀਂ ਗੈਂਗਸਟਰ ਪੁਲਿਸ ਮੁਕਾਬਲੇ ਦੌਰਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।