ਅਬੋਹਰ, 22 ਜਨਵਰੀ (ਵਿਵੇਕ ਹੂੜੀਆ)-ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਅਮਰਪੁਰਾ ਨੇੜੇ ਬੀਤੀ ਦੇਰ ਰਾਤ ਪਰਾਲੀ ਦੀਆਂ ਗੰਢਾਂ ਨਾਲ ਲੱਦੀ ਇਕ ਟਰੈਕਟਰ-ਟਰਾਲੀ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ 'ਚ ਕਾਰ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਵਾਲਾ ਦੇ ਏ. ਐੱਸ. ਆਈ. ਲੇਖਰਾਜ ਆਪਣੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲੇਖਰਾਜ ਨੇ ਦੱਸਿਆ ਕਿ ਪਿੰਡ ਉਸਮਾਨ ਖੇੜਾ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਬੀਤੀ ਰਾਤ ਆਪਣੀ ਕਾਰ ਵਿਚ ਸਵਾਰ ਹੋ ਕੇ ਹਨੂਮਾਨਗੜ੍ਹ ਤੋਂ ਅਬੋਹਰ ਵੱਲ ਜਾ ਰਿਹਾ ਸੀ | ਜਦੋਂ ਉਹ ਅਮਰਪੁਰਾ ਦੇ ਇਕ ਨਿੱਜੀ ਪੈਟਰੋਲ ਪੰਪ ਦੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਪਰਾਲੀ ਦੀਆਂ ਗੰਢਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ | ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਮਨਪ੍ਰੀਤ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ | ਹਾਦਸਾਗ੍ਰਸਤ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਘਟਨਾ ਸੰਬੰਧੀ ਬਣਦੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |