ਫ਼ਾਜ਼ਿਲਕਾ, 22 ਜਨਵਰੀ (ਅਮਰਜੀਤ ਸ਼ਰਮਾ)-ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਾਜ਼ਿਲਕਾ 'ਚ 'ਸਿਟੀ ਸੀਲਿੰਗ ਪਲਾਨ' ਲਾਗੂ ਕੀਤਾ | ਇਸ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੁੱਚੇ ਥਾਣਾ ਖੇਤਰਾਂ 'ਚ ਸਖ਼ਤ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਬਿਨਾਂ ਦਸਤਾਵੇਜ਼ਾਂ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਨਾਕਿਆਂ ਡੀ. ਐੱਸ. ਪੀ. ਤੇ ਐੱਸ. ਐੱਚ. ਓਜ਼ ਸਮੇਤ ਸਮੂਹ ਗਜ਼ਟਿਡ ਅਫ਼ਸਰ ਖ਼ੁਦ ਤਾਇਨਾਤ ਰਹੇ | ਇਸ ਆਪ੍ਰੇਸ਼ਨ ਦੌਰਾਨ ਸਨੇਹਦੀਪ ਸ਼ਰਮਾ ਡੀ. ਆਈ. ਜੀ. ਫ਼ਿਰੋਜ਼ਪੁਰ ਰੇਂਜ ਤੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਤੇ ਤਾਇਨਾਤ ਪੁਲਿਸ ਫੋਰਸ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਪੁਲਿਸ ਵਲੋਂ ਭੀੜ-ਭੜੱਕੇ ਵਾਲੇ ਤੇ ਪ੍ਰਮੁੱਖ ਸਥਾਨਾਂ 'ਤੇ ਬੈਰੀਕੇਡ ਲਗਾ ਕੇ ਮਜ਼ਬੂਤ ਸੁਰੱਖਿਆ ਘੇਰਾ ਬਣਾਇਆ ਗਿਆ | ਚੈਕਿੰਗ ਦੌਰਾਨ ਬਿਨਾਂ ਨੰਬਰ ਪਲੇਟ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ | ਮੀਡੀਆ ਨਾਲ ਗੱਲਬਾਤ ਕਰਦਿਆਂ ਡੀ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਜ਼ਿਲ੍ਹੇ ਦੇ ਸੰਵੇਦਨਸ਼ੀਲ ਸਥਾਨਾਂ 'ਤੇ ਵਾਧੂ ਪੁਲਿਸ ਬਲ ਤਾਇਨਾਤ ਕਰਕੇ ਪੈਟਰੋਲਿੰਗ ਵਧਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਮਾਗਮ ਵਾਲੀਆਂ ਥਾਵਾਂ 'ਤੇ 'ਐਂਟੀ-ਸਬੋਟਾਜ' ਚੈਕਿੰਗ ਤੇ ਡੌਗ ਸਕੂਐਡ ਦੀਆਂ ਟੀਮਾਂ ਤਾਇਨਾਤ ਰਹਿਣਗੀਆਂ | ਸ਼ਹਿਰਾਂ ਤੇ ਕਸਬਿਆਂ 'ਚ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਡੀ. ਆਈ. ਜੀ. ਸਨੇਹਦੀਪ ਸ਼ਰਮਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਪ੍ਰਬੰਧਾਂ ਵਿਚ ਪੁਲਿਸ ਦਾ ਸਹਿਯੋਗ ਕਰਨ | ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਸ ਵਸਤੂ ਦਿਖਾਈ ਦੇਵੇ ਤਾਂ ਤੁਰੰਤ ਨਜ਼ਦੀਕੀ ਥਾਣੇ ਜਾਂ ਪੁਲਿਸ ਹੈਲਪ ਲਾਈਨ ਨੰਬਰ 'ਤੇ ਸੂਚਨਾ ਦਿੱਤੀ ਜਾਵੇ |