ਫ਼ਾਜ਼ਿਲਕਾ, 30 ਮਾਰਚ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪੱਧਰੀ ਸੱਦੇ 'ਤੇ ਅੱਜ ਫ਼ਾਜ਼ਿਲਕਾ ਵਿਖੇ ਅਬੋਹਰ ਰੋਡ 'ਤੇ ਸਥਿਤ ਪੰਜਾਬ ਲੈਂਡ ਮਾਰਟਗੇਜ ਬੈਂਕ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ | ਇਹ ਧਰਨਾ ਪਿੰਡ ਹਰੀ ਨੌਂ ਦੇ ਦੋ ਕਿਸਾਨ ਭਰਾਵਾਂ ਵਲੋਂ ਬੈਂਕ ਮੈਨੇਜਰ ਦੀ ਤੰਗੀ-ਪ੍ਰੇਸ਼ਾਨੀ ਕਾਰਨ ਕੀਤੀ ਗਈ ਖ਼ੁਦਕੁਸ਼ੀ ਦੇ ਵਿਰੋਧ ਵਿਚ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ ਨੇ ਦੱਸਿਆ ਕਿ ਬੀਤੇ ਦਿਨੀਂ ਬੈਂਕ ਵਲੋਂ ਕਰਜ਼ੇ ਦੀ ਵਸੂਲੀ ਲਈ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਦੁਖੀ ਹੋ ਕੇ ਦੋ ਕਿਸਾਨ ਭਰਾਵਾਂ ਨੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਉਨ੍ਹਾਂ ਮੰਗ ਕੀਤੀ ਕਿ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਬੈਂਕ ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਦੇ ਕਰਜ਼ੇ ਮਾਫ਼ ਕੀਤੇ ਜਾਣ | ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦੇ ਵੱਡੇ ਵਾਅਦੇ ਕੀਤੇ ਸਨ, ਜੋ ਅਜੇ ਤੱਕ ਵਫ਼ਾ ਨਹੀਂ ਹੋਏ | ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਅੱਜ ਵੀ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ, ਬਲਾਕ ਪ੍ਰਧਾਨ ਸੁਖਬੀਰ ਸਿੰਘ, ਜਸਵਿੰਦਰ ਕਾਕਾ, ਗੁਰਜੰਟ ਸਿੰਘ, ਗੁਰਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |