ਅਬੋਹਰ, 1 ਅਪ੍ਰੈਲ(ਵਿਵੇਕ ਹੂੜੀਆ)-ਕੱਲ੍ਹ ਹੋਏ ਭਾਰੀ ਗੜੇਮਾਰੀ ਕਾਰਨ ਅਬੋਹਰ ਖੇਤਰ ਦੇ ਕਈ ਪਿੰਡਾਂ ਵਿਚ ਕਣਕ ਦੀਆਂ ਫਸਲਾਂ ਅਤੇ ਬਾਗ਼ਾਂ ਨੂੰ ਕਾਫ਼ੀ ਨੁਕਸਾਨ ਹੋਇਆ ਸੀ ਦਾ ਅਬੋਹਰ ਦੇ ਐਸ.ਡੀ.ਐਮ ਰਵਿੰਦਰ ਪਾਲ ਸਿੰਘ ਅਤੇ ਚੇਅਰਮੈਨ ਦਰਸ਼ਨ ਸਿੰਘ ਸੋਹਲ ਨੇ ਦੌਰਾ ਕਰਕੇ ਫਸਲਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਐਸ.ਡੀ.ਐਮ. ਅਤੇ ਚੇਅਰਮੈਨ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਲਾਂਕਣ ਅਤੇ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨਗੇ ਕਿ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮਿਲੇ | ਚੇਅਰਮੈਨ ਦਰਸ਼ਨ ਸੋਹਲ ਨੇ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਖੇਤਰਾਂ ਲਈ ਇਕ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕੀਤਾ ਜਾਵੇ ਤਾਂ ਜੋ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ ਅਤੇ ਪ੍ਰਸ਼ਾਸਨ ਨੂੰ ਵੀ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ | ਇਸ ਮੌਕੇ ਐਸ.ਡੀ.ਐਮ ਦੇ ਨਾਲ ਖੇਤੀਬਾੜੀ ਵਿਭਾਗ ਦੀ ਅਧਿਕਾਰੀ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |