ਅਬੋਹਰ, 14 ਅਪ੍ਰੈਲ (ਵਿਵੇਕ ਹੂੜੀਆ)-ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ, ਅਧਿਆਤਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਅਤੇ ਮੁੱਖ ਸੁਪਰਵਾਈਜ਼ਰ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਲਈ ਕਹਾਣੀ ਸੁਣਾਉਣ, ਸਲੋਗਨ ਲਿਖਣ, ਪੇਂਟਿੰਗ, ਭਾਸ਼ਣ ਮੁਕਾਬਲੇ, ਕੁਇਜ਼ ਅਤੇ ਕਵਿਤਾ ਉਚਾਰਨ ਵਰਗੀਆਂ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਪਿੰਡ ਹਰੀਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਅਨੁਸ਼ਾਸਨ ਅਤੇ ਸੇਵਾ ਭਾਵਨਾ ਦੀ ਸਿੱਖਿਆ ਹਾਸਲ ਕੀਤੀ | ਪਿ੍ੰਸੀਪਲ ਸੁਖਦੇਵ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ |