ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9 ਮਈ ਨੂੰ ਜ਼ਿਲ੍ਹਾ ਫ਼ਾਜ਼ਿਲਕਾ 'ਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ | ਇਸ ਸੰਬੰਧੀ ਧਰਮਿੰਦਰ ਪਾਲ ਸਿੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤਾ ਅਤੇ ਸੌਖਾ ਨਿਆਂ ਪ੍ਰਦਾਨ ਕਰਨਾ ਹੈ | ਸਮੂਹ ਸਰਕਾਰੀ ਵਿਭਾਗਾਂ, ਬੈਂਕਾਂ, ਬੀਮਾ ਕੰਪਨੀਆਂ ਅਤੇ ਹੋਰ ਸੰਬੰਧਿਤ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲੋਕ ਅਦਾਲਤ ਵਿਚ ਭੇਜਣ | ਨਾਲ ਹੀ ਪੱਖਕਾਰਾਂ ਨੂੰ ਸਮੇਂ ਸਿਰ ਸੂਚਿਤ ਕਰਕੇ ਆਪਸੀ ਸਹਿਮਤੀ ਰਾਹੀਂ ਮਾਮਲਿਆਂ ਦੇ ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾਵੇ | ਧਰਮਿੰਦਰ ਪਾਲ ਸਿੰਗਲਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਹੋਣ ਨਾਲ ਅਦਾਲਤੀ ਕਾਰਵਾਈ ਵਿਚ ਲੱਗਣ ਵਾਲਾ ਸਮਾਂ ਅਤੇ ਖ਼ਰਚ ਦੋਵਾਂ ਦੀ ਬੱਚਤ ਹੁੰਦੀ ਹੈ | ਇਸ ਨਾਲ ਪੱਖਕਾਰਾਂ ਵਿਚਕਾਰ ਆਪਸੀ ਸਹਿਯੋਗ ਅਤੇ ਭਰੋਸੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ | ਲੋਕ ਅਦਾਲਤ ਵਿਚ ਹੋਏ ਫ਼ੈਸਲੇ ਨੂੰ ਅਦਾਲਤੀ ਡਿਗਰੀ ਦੇ ਬਰਾਬਰ ਮੰਨਿਆ ਜਾਂਦਾ ਹੈ ਅਤੇ ਇਸ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ | ਰਾਸ਼ਟਰੀ ਲੋਕ ਅਦਾਲਤ 9 ਮਈ ਨੂੰ ਜੁਡੀਸ਼ੀਅਲ ਕੋਰਟ ਕੰਪਲੈਕਸ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਲਗਾਈ ਜਾਵੇਗੀ | ਇਸ ਦੌਰਾਨ ਬੈਂਕ ਰਿਕਵਰੀ ਕੇਸ, ਮੋਟਰ ਐਕਸੀਡੈਂਟ ਕਲੇਮ, ਇੰਸ਼ੋਰੈਂਸ ਕਲੇਮ, ਪਰਿਵਾਰਕ ਵਿਵਾਦ, ਚੈੱਕ ਬਾਉਂਸ ਕੇਸ, ਟਰੈਫ਼ਿਕ ਚਲਾਨਾਂ ਸਮੇਤ ਸਿਵਲ ਅਤੇ ਫ਼ੌਜਦਾਰੀ ਸਮਝੌਤਾ ਯੋਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ | ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਮਲਿਆਂ ਦੇ ਜਲਦੀ, ਸੌਖੇ ਅਤੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਇਸ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਿਯੋਗ ਦੇਣ | ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫਰੀ ਨੰਬਰ 15100 ਜਾਂ ਡੀ.ਐਲ.ਐਸ.ਏ.ਫ਼ਾਜ਼ਿਲਕਾ ਦੇ ਦਫ਼ਤਰੀ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |