16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਅਜੀਤ ਡੈਸਕ 08-05-2026
ਜਲਾਲਾਬਾਦ, 7 ਮਈ (ਕਰਨ ਚੁਚਰਾ)-ਜਲਾਲਾਬਾਦ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਹੜਤਾਲ ਦੂਜੇ ਦਿਨ ਵਿਚ ਦਾਖ਼ਲ ਹੋ ਗਈ | ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰਾਂ ਨੇ ਨਗਰ ਕੌਂਸਲ ਦਫ਼ਤਰ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਜੇ ਕੁਮਾਰ, ਵਾਈਸ ਪ੍ਰਧਾਨ ਰਵੀ ਕੁਮਾਰ ਅਤੇ ਕੱਚੇ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸੰਨ੍ਹੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਾਮਿਆਂ ਦਾ ਨਿਗੂਣੀਆਂ ਤਨਖ਼ਾਹਾਂ 'ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਇੰਨੀ ਘੱਟ ਤਨਖ਼ਾਹ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਅਸੰਭਵ ਹੋ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਸਫ਼ਾਈ ਕਾਮਿਆਂ ਦੀ ਘੱਟੋ-ਘੱਟ ਤਨਖ਼ਾਹ 40,000 ਰੁਪਏ ਪ੍ਰਤੀ ਮਹੀਨਾ ਨਿਰਧਾਰਿਤ ਕੀਤੀ ਜਾਵੇ | ਆਗੂਆਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਸਫ਼ਾਈ ਸੇਵਕਾਂ, ਬਿਜਲੀ ਕਾਮਿਆਂ ਤੇ ਸੀਵਰਮੈਨਾਂ ਨੂੰ ਕੰਮ ਦੌਰਾਨ ਵਰਤੀਆਂ ਜਾਣ ਵਾਲੀਆਂ ਸੇਫ਼ਟੀ ਕਿੱਟਾਂ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਹੜਤਾਲ ਦਾ ਸਮਰਥਨ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅਤੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨ ਜਥੇਬੰਦੀਆਂ ਮੁਲਾਜ਼ਮਾਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ | ਇਸ ਮੌਕੇ ਰੇਸ਼ਮ ਸਿੰਘ ਕਾਠਗੜ੍ਹ, ਗੁਰਬਖ਼ਸ਼ ਲਾਲ, ਵਿਕਾਸ ਕੁਮਾਰ, ਸੂਰਜ, ਲਖਵੀਰ ਚੰਦ, ਬੂਟਾ ਸਿੰਘ ਅਤੇ ਜਸਵੰਤ ਸਿੰਘ ਸਮੇਤ ਸੈਂਕੜੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਕੁੰਡਲ 'ਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਬਨਾਵਟੀ ਅੰਗ ਸਹਾਇਤਾ ਕੈਂਪ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।