ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਲਈ ਪਿੰਡ ਸਲੇਮਸ਼ਾਹ ਦੀ ਪੰਚਾਇਤ ਵਲੋਂ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ | ਪੰਚਾਇਤ ਵਲੋਂ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ਪੰਚਾਇਤ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਅੱਠਵੀਂ ਜਮਾਤ ਵਿਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਾਈਕਲ ਭੇਟ ਕੀਤੇ ਗਏ, ਜਦਕਿ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਅਜਿਹੇ ਇਨਾਮਾਂ ਨਾਲ ਵਿਦਿਆਰਥੀਆਂ ਅੰਦਰ ਪੜ੍ਹਾਈ ਪ੍ਰਤੀ ਰੁਚੀ ਵਧਦੀ ਹੈ ਅਤੇ ਉਹ ਭਵਿੱਖ ਵਿਚ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਹੁੰਦੇ ਹਨ | ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਬੱਚੇ ਸਾਡਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿੱਖਿਆ ਪੱਖੋਂ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਸਿੱਖਿਆ ਤੋਂ ਵਾਂਝਾ ਨਾ ਰੱਖਿਆ ਜਾਵੇ |