ਬੱਲੂਆਣਾ, 7 ਮਈ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਨੂੰ ਅਪਗੇ੍ਰਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਦੀ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ | ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਪੰਨੂ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ | ਪਰੰਤੂ ਪਿੰਡ ਦੀਆਂ ਲੜਕੀਆਂ ਨੂੰ 10ਵੀਂ ਤੋਂ ਬਾਅਦ ਦੂਰ ਦੁਰਾਡੇ ਪਿੰਡਾਂ ਵਿਚ ਪੜ੍ਹਨ ਲਈ ਜਾਣਾ ਪੈਂਦਾ ਹੈ | ਬਹੁਤੇ ਮਾਪੇ ਤਾਂ ਆਪਣੀਆਂ ਲੜਕੀਆਂ ਨੂੰ 10ਵੀਂ ਪਾਸ ਕਰਨ ਤੋਂ ਬਾਅਦ ਘਰ ਹੀ ਬਿਠਾ ਲੈਂਦੇ ਹਨ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਲੰਬੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਅਤੇ ਸਬੰਧਿਤ ਮਹਿਕਮਿਆਂ ਤੋਂ ਪਿੰਡ ਦੇ ਸਕੂਲ ਨੂੰ ਅੱਪ ਗ੍ਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਦੀ ਮੰਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਸਿੱਖਿਆ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹਨ | ਉਨ੍ਹਾਂ ਹਲਕਾ ਵਿਧਾਇਕ ਤੋਂ ਮੰਗ ਕੀਤੀ ਕਿ ਪਿੰਡ ਵਾਸੀਆਂ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ |