ਫ਼ਾਜ਼ਿਲਕਾ, 10 ਸਤੰਬਰ (ਅਮਰਜੀਤ ਸ਼ਰਮਾ)-ਐਮ.ਆਰ.ਸਰਕਾਰੀ ਕਾਲਜ ਫ਼ਾਜ਼ਿਲਕਾ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਸਚਿਨ ਕਾਲੜਾ ਦੀ ਸਰਪ੍ਰਸਤੀ ਹੇਠ ਤੇ ਵਿਭਾਗ ਇੰਚਾਰਜ ਪ੍ਰੋਫ਼ੈਸਰ ਗੁਰਮਿੰਦਰ ਕੌਰ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਉਪਦੇਸ਼ਾਂ ਅਤੇ ਬਾਣੀ ਨਾਲ ਜੋੜਨਾ ਸੀ। ਸੈਮੀਨਾਰ ਦੌਰਾਨ ਮੁੱਖ ਬੁਲਾਰੇ ਪ੍ਰੋਫ਼ੈਸਰ ਜਸਕਰਨ ਸਿੰਘ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਦੀ ਅਜੋਕੇ ਸਮੇਂ ਵਿਚ ਪ੍ਰਸੰਗਿਕਤਾ ’ਤੇ ਚਾਨਣਾ ਪਾਇਆ ਜਦਕਿ ਡਾ. ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਸੁੰਦਰ ਲੇਖਨ, ਚਿੱਤਰਕਲਾ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਜੇਤੂ ਅਤੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਨਿਵਾਜਿਆ ਗਿਆ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫ਼ੈਸਰ ਰੇਣੂ ਬਾਲਾ ਨੇ ਨਿਭਾਈ।