13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 17.16 ਲੱਖ ਰੁਪਏ ਦੇ ਚੈੱਕ ਵੰਡੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਦੀ ਵਿਸ਼ੇਸ਼ ਹਾਜ਼ਰੀ ’ਚ ਕਰਵਾਇਆ ਸਮਾਗਮ

ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਇਸ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਗੁਰੂਹਰਸਹਾਏ ਦੇ ਬੀ. ਡੀ.

ਆਂਗਣਵਾੜੀ ਵਰਕਰਾਂ ਨੂੰ ਚੈੱਕ ਸੌਂਪਨ ਮੌਕੇ ਤੇ ਸੰਬੋਧਨ ਕਰਦੇ ਹੋਏ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਅਤੇ ਹਾਜ਼ਰ ਆਂਗਣਵਾੜੀ ਵਰਕਰਾਂ। ਤਸਵੀਰ-ਕਪਿਲ ਕੰਧਾਰੀ 13-11-2026
ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਇਸ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਗੁਰੂਹਰਸਹਾਏ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ਼ ਚੈੱਕ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਅਤੇ ਹਲਕਾ ਵਿਧਾਇਕ ਸ. ਫ਼ੌਜਾਂ ਸਿੰਘ ਸਰਾਰੀ ਦੀ ਵਿਸ਼ੇਸ਼ ਹਾਜ਼ਰੀ ਵਿਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਗੁਰੂਹਰਸਹਾਇ ਸਤਵੰਤ ਸਿੰਘ ਵਲੋਂ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 16 ਹਜ਼ਾਰ 800 ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ. ਸਤਵੰਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਗੁਰੂਹਰਸਹਾਏ ਅਤੇ ਮਮਦੋਟ ਬਲਾਕ ਵਿਚ ਕੁੱਲ 312 ਆਂਗਣਵਾੜੀ ਵਰਕਰਾਂ ਰਾਹੀਂ 68,672 ਲਾਭਪਾਤਰੀਆਂ ਤੱਕ ਯੋਜਨਾ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਇਸ ਲਈ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਸਮਾਗਮ ਦੀ ਸ਼ੁਰੂਆਤ ਮੌਕੇ ਸੁਪਰਵਾਈਜ਼ਰ ਸ੍ਰੀਮਤੀ ਸੰਤੋਸ਼ ਰਾਣੀ ਵਲੋਂ ਮੁੱਖ ਮਹਿਮਾਨ ਵਿਧਾਇਕ ਸ. ਫ਼ੌਜਾਂ ਸਿੰਘ ਸਰਾਰੀ ਅਤੇ ਸੀ.ਡੀ.ਪੀ.ਓ . ਸਤਵੰਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ ਚੈੱਕ ਪ੍ਰਦਾਨ ਕੀਤੇ ਗਏ। ਚੈੱਕ ਪ੍ਰਾਪਤ ਕਰਨ ਮੌਕੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਵਿਧਾਇਕ ਸ. ਫ਼ੌਜਾਂ ਸਿੰਘ ਸਰਾਰੀ ਨੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਸਦਕਾ ਹੀ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਦਾ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਦੌਰਾਨ ਵਿਧਾਇਕ ਸ. ਸਰਾਰੀ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਚੁੱਕੇ ਜਾ ਰਹੇ ਕਦਮਾਂ ਬਾਰੇ ਹਾਜ਼ਰ ਆਂਗਣਵਾੜੀ ਵਰਕਰਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਆਂਗਣਵਾੜੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਮਾਜ ਵਿਚੋਂ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ । ਇਸ ਦੌਰਾਨ ਕਈ ਆਂਗਣਵਾੜੀ ਵਰਕਰਾਂ ਨੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਵਿਧਾਇਕ ਸ. ਫ਼ੌਜਾਂ ਸਿੰਘ ਸਰਾਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਵਰਕਰਾਂ ਵੱਲੋਂ ਦਿੱਤੇ ਗਏ ਸੁਝਾਅ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾਣਗੇ ਅਤੇ ਇਨ੍ਹਾਂ ਦੇ ਹੱਲ ਲਈ ਜਲਦ ਤੋਂ ਜਲਦ ਯਤਨ ਕੀਤੇ ਜਾਣਗੇ। ਸਮਾਗਮ ਵਿਚ ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਬਾਲ ਵਿਕਾਸ ਪ੍ਰੋਜੈਕਟ ਦਫ਼ਤਰ ਗੁਰੂਹਰਸਹਾਏ, ਅਤੇ ਮਮਦੋਟ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਮਾਗਮ ਦੇ ਅੰਤ ਵਿਚ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਕੱਲ੍ਹ ਅਗਲੀ ਖ਼ਬਰ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਕੌਂਸਲਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।