ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਚਿਨ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਘੁਬਾਇਆ, ਲਮੋਚੜ ਕਲਾਂ, ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਆਦਿ ਵੱਲ ਗਸ਼ਤ ਕਰ ਰਹੇ ਸਨ।
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਚਿਨ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਘੁਬਾਇਆ, ਲਮੋਚੜ ਕਲਾਂ, ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਆਦਿ ਵੱਲ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਤੋਂ ਬਾਹਰ ਰੇਤ ਦੇ ਖੱਡਿਆਂ ਕੋਲ ਪਹੁੰਚੀ ਤਾਂ ਲਿੰਕ ਸੜਕ ਵਲੋਂ ਆਉਂਦੇ ਕੱਚੇ ਰਸਤੇ ’ਤੇ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਸ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਆਪਣੇ ਖੱਬੇ ਹੱਥ ਵਿਚ ਫੜੀ ਵਸਤੂ ਜ਼ਮੀਨ ’ਤੇ ਸੁੱਟ ਦਿੱਤੀ ਅਤੇ ਪਿੱਛੇ ਵੱਲ ਭੱਜਣ ਲੱਗਿਆ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਜੰਟ ਸਿੰਘ ਉਰਫ਼ ਕੱਦੂ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ - ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੇਮ-ਨਾਲ਼ੇ ਦੇ ਪੁਲ ਪਿੰਡ ਕਾਠਗੜ੍ਹ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸਾਜਨ ਪੁੱਤਰ ਜਸਵੰਤ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਨ ਵਾਲੀਆਂ ਵਸਤੂਆਂ ਸਮੇਤ ਇਕ ਵਿਅਕਤੀ ਕਾਬੂ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਨ ਵਾਲੀਆਂ ਵਸਤੂਆਂ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਓਵਰਬ੍ਰਿਜ ਜਲਾਲਾਬਾਦ ਕੋਲ ਪਹੁੰਚੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ। ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਲਾਈਟਰ, ਚਾਂਦੀ ਵਰਗੇ ਕਾਗ਼ਜ਼ ਦਾ ਟੁਕੜਾ, ਜਿਸ ’ਤੇ ਥੋੜ੍ਹੀ ਹੈਰੋਇਨ ਲੱਗੀ ਹੋਈ ਸੀ, ਇਕ ਪਾਈਪ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਪ੍ਰੇਮ ਬਹਾਦਰ ਉਰਫ਼ ਕਾਲੂ ਵਾਸੀ ਗਲੀ ਨੰਬਰ 4, ਮੁਹੱਲਾ ਰਾਜਪੂਤਾਂ, ਹਾਲ ਆਬਾਦ ਦਸਮੇਸ਼ ਨਗਰੀ ਜਲਾਲਾਬਾਦ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ ਹੋਣ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ - ਥਾਣਾ ਖੂਈ ਖੇੜਾ ਪੁਲਿਸ ਨੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਜਿੰਦਰ ਸਿੰਘ ਪੁੱਤਰ ਤਿਰਲੋਕ ਸਿੰਘ ਵਾਸੀ ਪਿੰਡ ਜੰਡਵਾਲਾ ਮੀਰਾ ਸਾਂਗਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਨਵੰਬਰ ਨੂੰ ਕਰੀਬ 3:30 ਵਜੇ ਉਸ ਦੇ ਪਿਤਾ ਤਿਰਲੋਕ ਸਿੰਘ ਆਪਣੇ ਡੇਅਰੀ ਫਾਰਮ ਤੋਂ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਵੱਲ ਜਾ ਰਹੇ ਸਨ। ਇਸ ਦੌਰਾਨ ਫ਼ਾਜ਼ਿਲਕਾ ਵਲੋਂ ਆਈ ਇਕ ਕਾਰ ਨੇ ਪਿੱਛੇ ਤੋਂ ਲਾਪਰਵਾਹੀ ਨਾਲ ਉਨ੍ਹਾਂ ਦੇ ਪਿਤਾ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਸਾਈਕਲ ਸਮੇਤ ਸੜਕ ’ਤੇ ਡਿਗ ਪਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।