ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ
ਅਬੋਹਰ, 23 ਨਵੰਬਰ (ਵਿਵੇਕ ਹੂੜੀਆ)- ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਰੈੱਡ ਰਿਬਨ ਕਲੱਬ ਵਲੋਂ ਵਿਦਿਆਰਥੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਡੀ.
ਅਬੋਹਰ, 23 ਨਵੰਬਰ (ਵਿਵੇਕ ਹੂੜੀਆ)- ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਰੈੱਡ ਰਿਬਨ ਕਲੱਬ ਵਲੋਂ ਵਿਦਿਆਰਥੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਡੀ.ਐੱਲ.ਐੱਡ.ਅਤੇ ਬੀ.ਐੱਡ . ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਅਤੇ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਮੁਕਤ ਭਾਰਤ, ਸਿਹਤਮੰਦ ਜੀਵਨ, ਨੌਜਵਾਨ ਪੀੜ੍ਹੀ ਦੇ ਭਵਿੱਖ ਅਤੇ ਨਸ਼ਿਆਂ ਕਾਰਨ ਹੋਣ ਵਾਲੇ ਸਰੀਰਕ ਤੇ ਮਾਨਸਿਕ ਨੁਕਸਾਨ ਨੂੰ ਦਰਸਾਉਂਦੇ ਆਕਰਸ਼ਕ ਪੋਸਟਰ ਤਿਆਰ ਕੀਤੇ। ਵਿਦਿਆਰਥੀਆਂ ਨੇ ਰੰਗਾਂ, ਚਿੱਤਰਾਂ ਅਤੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਮੁਕਾਬਲੇ ਵਿਚ ਅਨੁ ਕੰਬੋਜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਪਾਇਲ, ਗੁੰਜਨ, ਜੋਤੀ ਅਤੇ ਕਮਲਪ੍ਰੀਤ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੁਸ਼ੀਲ, ਗੁਰਪ੍ਰੀਤ, ਰਾਜਨਪਾਲ, ਮੋਨਿਕਾ ਸ਼ਰਮਾ ਅਤੇ ਅਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦੇ ਯਤਨਾਂ ਦੀ ਹਾਜ਼ਰ ਮੈਂਬਰਾਂ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ.ਆਰ.ਪੀ.ਅਸੀਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਅੱਜ ਸਮਾਜ ਦੇ ਸਾਹਮਣੇ ਇੱਕ ਗੰਭੀਰ ਚੁਨੌਤੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਕਾਰਾਤਮਿਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਊਰਜਾ ਸਿੱਖਿਆ, ਖੇਡਾਂ ਅਤੇ ਰਚਨਾਤਮਿਕ ਕੰਮਾਂ ਵਿਚ ਲਗਾ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਕਾਲਜ ਦੀ ਪ੍ਰਿੰਸੀਪਲ ਡਾ.ਸੁਨੀਤਾ ਆਰਿਆ ਨੇ ਵੀ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਹਰੇਕ ਵਿਦਿਆਰਥੀ ਨੂੰ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਸਮਾਜ ਵਿਚ ਵੀ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਆਰ.ਪੀ.ਅਸੀਜਾ ਨੇ ਖ਼ੂਨਦਾਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਕਾਰਜ ਹੈ, ਜਿਸ ਨਾਲ ਲੋੜਵੰਦ ਵਿਅਕਤੀਆਂ ਨੂੰ ਨਵਾਂ ਜੀਵਨ ਦੇਣ ਵਿਚ ਮਦਦ ਮਿਲਦੀ ਹੈ। ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਸ੍ਰੀ ਹਨੂਮਾਨ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਯੋਗਾ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦੇ ਵੱਖ-ਵੱਖ ਸਟਾਫ਼ ਮੈਂਬਰ ਵੀ ਮੌਜੂਦ ਸਨ। ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਇਹ ਸੁਨੇਹਾ ਦਿੱਤਾ ਕਿ ਨਸ਼ਾ ਵਿਅਕਤੀ ਦੇ ਜੀਵਨ ਦੇ ਨਾਲ - ਨਾਲ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।