ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ 77ਵਾਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਨੂੰ ਮੁਕੰਮਲ ਰੂਪ ਦੇਣ | ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ ਸ਼ਹਿਰੀ ਵਿਕਾਸ ਮੰਤਰੀ ਹੋਣਗੇ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਤੇ ਕੈਬਨਿਟ ਮੰਤਰੀ ਸ. ਮੁੰਡੀਆਂ ਵਲੋਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ | ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ | ਗਣਤੰਤਰ ਦਿਵਸ ਸਮਾਗਮ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ | ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਮੈਡਮ ਪਿਯੂਸ਼ਾ, ਐਸ:ਡੀ:ਐਮ ਮਨਕੰਵਲ ਸਿੰਘ ਚਾਹਲ, ਐਸ:ਡੀ:ਐਮ ਅਮਨਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਅੰਮਿ੍ਤਸਰ 'ਚ ਕੌਮੀ ਝੰਡਾ <br/>
ਅਜੀਤ ਡੈਸਕ
21-01-2026