ਜੰਡਿਆਲਾ ਗੁਰੂ, 20 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਨੂੰਨ ਦੀ ਸਥਿਤੀ ਬਹੁਤ ਗੰਭੀਰ ਹੋ ਚੁੱਕੀ ਹੈ ਅਤੇ ਪਿੰਡਾਂ ਸ਼ਹਿਰਾਂ 'ਚ ਚੋਰੀਆਂ, ਲੁੱਟਾਂ, ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਕਿਸਾਨ, ਮਜ਼ਦੂਰ ਅਤੇ ਆਮ ਪਰਿਵਾਰਾਂ ਨਾਲ ਸੰਬੰਧਿਤ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਜੰਡਿਆਲਾ ਗੁਰੂ ਹਲਕੇ ਵਿਚ ਤਾਂ ਅਮਨ ਸ਼ਾਂਤੀ ਨਾਂ ਦੀ ਕੋਈ ਚੀਜ਼ ਹੀ ਨਹੀਂ ਰਹਿ ਗਈ ਅਤੇ ਵੱਡੇ ਪੱਧਰ 'ਤੇ ਦੁਕਾਨਦਾਰਾਂ, ਵਪਾਰੀਆਂ ਨੂੰ ਫਿਰੌਤੀ ਦੀਆਂ ਕਾਲਾ ਆ ਰਹੀਆਂ ਹਨ ਅਤੇ ਜੇ ਉਹ ਪੈਸੇ ਨਹੀਂ ਦਿੰਦੇ ਤਾਂ ਉਨ੍ਹਾਂ ਦੇ ਘਰਦਿਆਂ ਜੀਆਂ ਨੂੰ , ਘਰਾਂ ਵਿਚ ਗੋਲੀਆਂ ਮਾਰੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਸ਼ਹਿਰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਦਾ ਸ਼ਹਿਰ ਹੋਣ ਦੇ ਬਾਵਜੂਦ ਵੀ ਸ਼ਹਿਰ ਵਿਚ ਸੁਰੱਖਿਆ ਦੇ ਪ੍ਰਬੰਧ ਨਾਂ ਦੇ ਬਰਾਬਰ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਿੰਡਾਂ ਦੇ ਲੋਕਾਂ ਦੀ ਸੁਰੱਖਿਆ ਅਤੇ ਹੱਕਾਂ ਲਈ ਖੜ੍ਹਾ ਰਿਹਾ ਹੈ ਅਤੇ ਸਰਕਾਰ ਤੋਂ ਮੰਗ ਕਰਦਾ ਹੈ ਕਿ ਪਿੰਡ ਪੱਧਰ 'ਤੇ ਤੁਰੰਤ ਕਾਨੂੰਨ-ਵਿਵਸਥਾ ਮਜ਼ਬੂਤ ਕੀਤੀ ਜਾਵੇ, ਤਾਂ ਜੋ ਪੰਜਾਬ ਦੇ ਪਿੰਡ ਮੁੜ ਅਮਨ ਅਤੇ ਭਰੋਸੇ ਵਾਲੀ ਜ਼ਿੰਦਗੀ ਵੱਲ ਵਾਪਸ ਆ ਸਕਣ |
ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਮਾੜੀ-ਦਲਜਿੰਦਰ ਬੀਰ ਵਿਰਕ <br/>
ਅਜੀਤ ਡੈਸਕ
21-01-2026