ਅੰਮਿ੍ਤਸਰ, 22 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਵਾਲੀ ਜਗ੍ਹਾ 'ਤੇ ਨਵੀਂ ਉਸਾਰੀ ਜਾ ਰਹੀ ਸਰਾਂ ਅਤੇ ਹੋਰ ਚੱਲ ਰਹੇ ਕਾਰ ਸੇਵਾ ਕਾਰਜਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਪੁੱਜੇ ਪ੍ਰਧਾਨ ਧਾਮੀ ਨੇ ਸੰਬੰਧਿਤ ਅਧਿਕਾਰੀਆਂ ਤੋਂ ਚੱਲ ਰਹੇ ਕਾਰਜਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਨੇਪੜੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਕੁਝ ਸਮਾਂ ਪਹਿਲਾਂ ਇਸ ਸਥਾਨ 'ਤੇ ਸੰਗਤ ਦੇ ਰਹਿਣ ਲਈ ਸਰਾਂ ਅਤੇ ਮਾਰਕੀਟ ਦਾ ਨੀਂਹ ਪੱਥਰ ਰੱਖਿਆ ਸੀ, ਜਿਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਇਥੇ ਵਿਸ਼ਾਲ ਸਰਾਂ ਸਥਾਪਿਤ ਕੀਤੀ ਜਾਵੇਗੀ, ਜਿਸ ਵਿਚ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਵੱਖ-ਵੱਖ ਬਲਾਕ ਤਿਆਰ ਹੋਣਗੇ | ਇਸ ਮੌਕੇ ਪ੍ਰਧਾਨ ਧਾਮੀ ਨੇ ਨਾਲ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਕਸੀਅਨ ਸੁਖਜਿੰਦਰ ਸਿੰਘ, ਜੇ. ਈ. ਸ਼ਮਸ਼ੇਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |