ਅੰਮਿ੍ਤਸਰ, 29 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਪੰਡੋਰੀ ਵੜੈਚ 'ਚ ਹੈਲਥ ਕਾਰਡਾਂ ਲਈ ਲਗਾਏ ਗਏ ਕੈਂਪ 'ਚ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਅਹੁਦੇਦਾਰ, ਵਲੰਟੀਅਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਰਹੇ | ਇਸ ਦੌਰਾਨ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ (ਹੈਲਥ ਕਾਰਡ) ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ | ਵਿਧਾਇਕ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿਚ ਇਤਿਹਾਸਕ ਕਦਮ ਚੁੱਕ ਰਹੀ ਹੈ, ਤਾਂ ਜੋ ਗਰੀਬ ਤੋਂ ਗਰੀਬ ਪਰਿਵਾਰ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਵਧੀਆ ਇਲਾਜ ਮਿਲ ਸਕੇ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਹੈਲਥ ਕਾਰਡ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾ ਰਹੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਹੈਲਥ ਕਾਰਡ ਬਣਵਾਏ ਜਾਣ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ | ਨਾਲ ਹੀ ਉਨ੍ਹਾਂ ਪਾਰਟੀ ਦੇ ਵਲੰਟੀਅਰਾਂ ਦੀ ਸਰਾਹਨਾ ਕੀਤੀ ਜੋ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜ ਰਹੇ ਹਨ | ਇਸ ਮੌਕੇ ਸਥਾਨਕ ਪੰਚਾਇਤੀ ਮੈਂਬਰ, ਪਾਰਟੀ ਅਹੁਦੇਦਾਰ ਅਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |