ਸੁਲਤਾਨਵਿੰਡ, 1 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੇ ਪ੍ਰਬੰਧ ਅਧੀਨ ਸਥਾਨਕ ਇਤਿਹਾਸਿਕ ਗੁਰਦੁਆਰਾ ਖੂਹ ਭਾਈ ਮੰਝ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ 3 ਅਪ੍ਰੈਲ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾਵੇਗਾ | ਇਸ ਸੰਬੰਧ ਵਿਚ ਅੱਜ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ ਹੈ | ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਨਿਰਮਲ ਸਿੰਘ ਨੇ ਕੀਤੀ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਬਾਬਾ ਅਵਤਾਰ ਸਿੰਘ, ਬਾਬਾ ਕਰਨ ਸਿੰਘ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ ਮੈਨੇਜਰ, ਗਿਆਨੀ ਲਵਪ੍ਰੀਤ ਸਿੰਘ ਗ੍ਰੰਥੀ, ਸੁੱਚਾ ਸਿੰਘ, ਗੁਰਮੇਜ ਸਿੰਘ, ਸਤਨਾਮ ਸਿੰਘ, ਬੀਬੀ ਸਰਬਜੀਤ ਕੌਰ, ਮਨਜੀਤ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਤੇ ਕੰਵਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਗੁਰਦੁਆਰਾ ਸਾਹਿਬ ਦੇ ਸਮੁੱਚੇ ਕੰਪਲੈਕਸ ਨੂੰ ਬਹੁਤ ਹੀ ਸੋਹਣੀ ਤਰ੍ਹਾਂ ਸਜਾਇਆ ਗਿਆ ਹੈ | ਚਾਰੇ ਪਾਸਿਓਾ ਰੰਗ-ਬਰੰਗੀਆਂ ਬਿਜਲਈ ਲਾਈਟਾਂ ਗੁਰਦੁਆਰਾ ਸਾਹਿਬ ਦੀ ਸ਼ੋਭਾ ਵਧਾ ਰਹੀਆਂ ਹਨ | ਸੰਗਤਾਂ ਦੇ ਬੈਠਣ ਤੇ ਲੰਗਰ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸੇ ਦਿਨ ਸ਼ਾਮ ਵੇਲੇ ਕਬੱਡੀ ਅਤੇ ਕੁਸ਼ਤੀਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਵਿਚ ਆਸ-ਪਾਸ ਦੇ ਇਲਾਕਿਆਂ ਤੋਂ ਨਾਮਵਰ ਖਿਡਾਰੀ ਭਾਗ ਲੈਣਗੇ | ਉਨ੍ਹਾਂ ਦੱਸਿਆ ਕਿ ਲੰਗਰ ਦੇ ਪ੍ਰਬੰਧਾਂ ਲਈ ਵੱਖ-ਵੱਖ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ |