ਅੰਮਿ੍ਤਸਰ, 1 ਅਪ੍ਰੈਲ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਆਉਂਦੀ ਵਾਰਡ ਨੰ: 79 ਦੇ ਇਲਾਕੇ ਨਿਮਲਾ ਐਵੇਨਿਊ ਵਿਖੇ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਹੋਣ ਕਰਕੇ ਇਲਾਕਾ ਨਿਵਾਸੀ ਮੁਸ਼ਕਿਲਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ | ਬਾਰ ਬਾਰ ਨਿਗਮ ਦੇ ਪੋਰਟਲ 'ਤੇ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਕੋਈ ਹੱਲ ਨਹੀਂ ਹੋ ਰਿਹਾ | ਇਸ ਸਬੰਧ ਵਿਚ ਇਲਾਕਾ ਨਿਵਾਸੀ ਲਖਵਿੰਦਰ ਸਿੰਘ ਅਤੇ ਵਿਜੇ ਕੁਮਾਰ ਆਦਿ ਨੇ ਦੱਸਿਆ ਕਿ ਉਹ ਨਿਮਲਾ ਐਵੀਨਿਊ ਦੇ ਵਸਨੀਕ ਹਨ | ਉਨ੍ਹਾਂ ਦੇ ਇਲਾਕੇ ਵਿਚ ਬੀਤੇ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀਆਂ ਕਾਰਵਾਈ ਕਰਨ ਦਾ ਮੌਕਾ ਮਿਲ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀ ਬੰਦ ਪਈ ਸਟਰੀਟ ਲਾਈਟ ਸਬੰਧੀ ਨਿਗਮ ਦੇ ਪੋਰਟਲ 'ਤੇ ਕਈ ਸ਼ਿਕਾਇਤਾਂ ਪਾਈਆਂ ਗਈਆਂ ਹਨ | ਇਸ ਤੋਂ ਇਲਾਵਾ ਕਈ ਵਾਰ ਸਟਰੀਟ ਲਾਈਟ ਦੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਗਈ ਹੈ ਪਰ ਅਜੇ ਤੱਕ ਉਨ੍ਹਾਂ ਦੀ ਸਟਰੀਟ ਲਾਈਟ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ |