ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਅੰਮਿ੍ਤਧਾਰੀ ਵਿਦਿਆਰਥੀਆਂ ਦੀ ਉੱਚ ਵਿੱਦਿਆ 'ਚ ਮਦਦ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਜ਼ੀਫ਼ਾ ਸਕੀਮ ਤਹਿਤ ਅੱਜ ਸਮਾਗਮ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਨਾਲ ਸਨਮਾਨਿਤ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2025-26 ਲਈ ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਵਜ਼ੀਫ਼ੇ ਵਜੋਂ ਸੌਂਪਿਆ ਗਿਆ ਹੈ | ਸਮਾਗਮ ਦੌਰਾਨ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦਾ ਧੰਨਵਾਦ ਕੀਤਾ | ਡਾ. ਕੁਲਵਿੰਦਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਹਰ ਸਾਲ ਦਿੱਤੇ ਜਾਂਦੇ ਇਹ ਵਜ਼ੀਫ਼ੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ 'ਚ ਇਕ ਅਹਿਮ ਕੜੀ ਸਾਬਤ ਹੋ ਰਹੇ ਹਨ |