ਅੰਮਿ੍ਤਸਰ, 7 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿਚ ਹੋਏ ਧਮਾਕਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿਚ ਚੋਣਾਂ ਨੇੜੇ ਆਉਂਦੀਆਂ ਹਨ, ਉਦੋਂ ਹੀ ਇਹ ਬੰਬ ਧਮਾਕੇ ਅਤੇ ਅੱਤਵਾਦੀ ਹਮਲੇ ਕਿਉਂ ਹੁੰਦੇ ਹਨ? ਧਾਲੀਵਾਲ ਨੇ ਕਿ ਚੋਣਾਂ ਤੋਂ ਠੀਕ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਜਨਤਾ ਨੂੰ ਡਰਾ ਕੇ ਅਤੇ ਦੇਸ਼ ਵਿਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ | ਉਨ੍ਹਾਂ ਭਾਜਪਾ 'ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਤੇ ਉਸ ਦਾ 'ਗਰੋਹ' ਚੋਣ ਲਾਭ ਲਈ ਕੇਂਦਰੀ ਏਜੰਸੀਆਂ ਰਾਹੀਂ ਸਰਗਰਮ ਹੋ ਜਾਂਦਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸ਼ਹਿ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਹੈ | ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ 'ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਗ੍ਰਹਿ ਮੰਤਰਾਲੇ ਨੇ ਬੀ.ਐੱਸ.ਐੱਫ. ਦਾ ਦਾਇਰਾ ਵਧਾ ਕੇ 50 ਕਿਲੋਮੀਟਰ ਕੀਤਾ ਸੀ, ਉਦੋਂ ਤਰਕ ਦਿੱਤਾ ਗਿਆ ਸੀ ਕਿ ਇਹ ਡਰੋਨ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਜ਼ਰੂਰੀ ਹੈ, ਪਰ ਅੱਜ ਹਕੀਕਤ ਸਭ ਦੇ ਸਾਹਮਣੇ ਹੈ | ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਪਿਛਲੇ ਸਾਰੇ ਹਮਲਿਆਂ ਦੀ ਜਾਂਚ ਦਾ ਕੀ ਹੋਇਆ? ਕੇਂਦਰ ਸਰਕਾਰ ਸਿਰਫ ਜਾਂਚ ਦਾ ਢੌਂਗ ਕਰਦੀ ਹੈ ਅਤੇ ਬਾਅਦ ਵਿਚ ਫਾਈਲਾਂ ਨੂੰ ਠੰਡੇ ਬਸਤੇ ਵਿਚ ਪਾ ਦਿੰਦੀ ਹੈ | ਇਹ ਸਪੱਸ਼ਟ ਹੈ ਕਿ ਇਹ ਹਮਲੇ ਅਤੇ ਸਾਜ਼ਿਸ਼ਾਂ ਭਾਜਪਾ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ, ਜਿਸ ਦਾ ਮਕਸਦ ਸਿਰਫ ਚੋਣਾਂ ਜਿੱਤਣਾ ਹੈ, ਨਾ ਕਿ ਦੇਸ਼ ਦੀ ਸੁਰੱਖਿਆ |
ਵੋਟਾਂ ਦਾ ਧਰੁਵੀਕਰਨ ਕਰਨ ਦੀ ਘਟੀਆ ਰਾਜਨੀਤੀ ਕਰ ਰਹੀ ਹੈ ਭਾਜਪਾ-ਧਾਲੀਵਾਲ <br/>
ਅਜੀਤ ਡੈਸਕ
08-05-2026