ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਖਾਸਾ ਛਾਉਣੀ ਦੇ ਬਾਹਰ ਹੋਏ ਧਮਾਕੇ ਤੇ ਅੱਜ ਮੁੜ ਮਿਲੀਆਂ ਬੰਬ ਦੀਆਂ ਧਮਕੀਆਂ ਦੇ ਮਦੇਨਜ਼ਰ ਸ਼ਹਿਰ ਦੀ ਸੁਰੱਖਿਆ ਹੋਰ ਮਜਬੂਤ ਕਰ ਦਿੱਤੀ ਗਈ ਹੈ ਜਿਸ ਤਹਿਤ ਰਾਤ ਦੀ ਨਾਕਾਬੰਦੀ 'ਚ ਵਾਧਾ ਕੀਤਾ ਗਿਆ ਤੇ ਵਿਸੇਸ਼ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ | ਦੱਸਣਯੋਗ ਹੈ ਕਿ ਬੀਤੇ ਦਿਨ ਇਥੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਵੀ ਸ਼ਹਿਰ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ |
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਪਿੁਲਸ ਦੇੇ ਸੀਨੀਅਰ ਅਧਿਕਾਰੀਆਂ ਵਲੋਂ ਆਪਣੇ-ਆਪਣੇ ਇਲਾਕਿਆਂ ਵਿਚ ਪੁਲਿਸ ਦੀ ਗਸ਼ਤ ਨੂੰ ਹੋਰ ਵਧਾਇਆ ਗਿਆ ਹੈ ਅਤੇ ਇਲਾਕਿਆਂ ਵਿਚ ਡੋਮੀਨੇਸ਼ਨ ਯਕੀਨੀ ਬਣਾਇਆ ਜਾ ਰਿਹਾ ਹੈ | ਸ਼ਹਿਰ ਵਿਚ ਵਿਆਪਕ ਤੌਰ 'ਤੇ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਪੁਲਿਸ ਵਲੋਂ ਸੰਭਾਵਿਤ ਅਪਰਾਧੀਆਂ ਅਤੇ ਉਨ੍ਹਾਂ ਤੱਤਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਵਿਚ ਸ਼ਾਮਲ ਹੋ ਸਕਦੇ ਹਨ ਜਾਂ ਅਜਿਹੇ ਅਪਰਾਧੀਆਂ ਨੂੰ ਸ਼ਰਨ ਦੇ ਸਕਦੇ ਹਨ | ਇਨ੍ਹਾਂ ਉੱਤੇ ਨਿਗਰਾਨੀ ਲਈ ਸੀ.ਆਈ.ਏ. ਸਟਾਫ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ, ਸਿਵਲ ਕੱਪੜਿਆਂ ਵਿਚ ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜੋ ਸ਼ੱਕੀ ਵਾਹਨਾਂ, ਖ਼ਾਸ ਕਰਕੇ ਦੋ ਪਹੀਆ ਵਾਹਨਾਂ ਅਤੇ ਉਨ੍ਹਾਂ ਕਾਰਾਂ 'ਤੇ ਨਜ਼ਰ ਰੱਖ ਰਹੀਆਂ ਹਨ ਜੋ ਅਪਰਾਧਿਕ ਗਤੀਵਿਧੀਆਂ ਵਿਚ ਵਰਤੀ ਜਾ ਸਕਦੀਆਂ ਹਨ | ਇਹ ਟੀਮਾਂ ਵਾਇਰਲੈਸ ਰਾਹੀਂ ਤੁਰੰਤ ਜਾਣਕਾਰੀ ਸਾਂਝੀ ਕਰਦੀਆਂ ਹਨ, ਜਿਸ ਦੇ ਆਧਾਰ 'ਤੇ ਕਾਰਵਾਈ ਟੀਮਾਂ ਤੁਰੰਤ ਕਾਰਵਾਈ ਕਰਦੀਆਂ ਹਨ ਅਤੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾਂਦੀ ਹੈ | ਉਨ੍ਹਾਂ ਦਸਿਆ ਕਿ ਪ੍ਰਮੁੱਖ ਟੂਰਿਸਟ ਸਥਾਨ ਹੋਣ ਕਰਕੇ, ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਵੀ ਖ਼ਾਸ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਰਾਤ ਅਤੇ ਸਵੇਰ ਦੇ ਸਮੇਂ ਵਿਚ ਵਿਸ਼ੇਸ਼ ਤੌਰ 'ਤੇ ਹੋਟਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਤੱਤ ਨੂੰ ਬਚਣ ਦਾ ਮੌਕਾ ਨਾ ਮਿਲੇ | ਇਸ ਤੋਂ ਇਲਾਵਾ, ਸਾਰੇ ਥਾਣਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਕੇ ਅਧਿਕਾਰੀਆਂ ਨੂੰ ਸਪਸ਼ਟ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ |
ਬੰਬ ਧਮਾਕੇ ਦੀਆਂ ਧਮਕੀਆਂ ਉਪਰੰਤ ਸ਼ਹਿਰ ਦੀ ਸੁਰਖਿਆ ਕੀਤੀ ਹੋਰ ਮਜ਼ਬੂਤ <br/>
ਅਜੀਤ ਡੈਸਕ
08-05-2026