ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 27 ਜਨਵਰੀ 2026 ਦਿਨ ਮੰਗਲਵਾਰ ਨੂੰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ ਸੰਗਤ ਦੇ ਸਹਿਯੋਗ ਨਾਲ ਧੂੰਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਲਕੀਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 25 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿੰਨਾਂ ਦੇ ਭੋਗ ਮਿਤੀ 27 ਜਨਵਰੀ ਨੂੰ ਸਵੇਰੇ 11 ਵਜੇ ਪੈਣਗੇ | ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ ਵੱਖ ਰਾਗੀ ਜਥਿਆਂ, ਜਿੰਨਾਂ ਵਿਚ ਬੀਬੀਆਂ ਦਾ ਕੀਰਤਨੀ ਜਥਾ ਗੁਰਦੁਆਰਾ ਲਕੀਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਭਾਈ ਹੀਰਾ ਸਿੰਘ ਕੰਗ ਹਜ਼ੂਰੀ ਕਥਾਵਾਚਕ ਗੁਰਦੁਆਰਾ ਲਕੀਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਕੀਰਤਨੀ ਜਥਾ, ਭਾਈ ਗੁਰਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਸ਼ਹੀਦਾਂ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਆਦਿ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਨਤਮਸਤਕ ਹੋਣ ਆਈ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਸਮੂਹ ਪਿੰਡਾਂ ਅਤੇ ਸ਼ਹਿਰ ਦੀ ਸੰਗਤ ਨੂੰ ਬੇਨਤੀ ਕੀਤੀ ਸਮਾਗਮਾਂ ਦੌਰਾਨ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ | ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |