21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

26 ਨੂੰ ਸਿੱਖਿਆ ਮੰਤਰੀ ਦਾ ਪਟਿਆਲਾ ਵਿਖੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨਗੇ ਕੰਪਿਊਟਰ ਅਧਿਆਪਕ

ਅਜੀਤ ਡੈਸਕ 21-01-2026
ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪਟਿਆਲਾ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਕਮੇਟੀ ਮੈਂਬਰਾਂ ਨੇ ਭਾਗ ਲਿਆ ਅਤੇ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁਖ਼ੀ ਦੇ ਚੱਲਦਿਆਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ | ਇਸ ਮੀਟਿੰਗ ਵਿਚ ਵੱਖ-ਵੱਖ ਆਗੂਆਂ ਵਲੋਂ ਦਸਿਆ ਗਿਆ ਕਿ 'ਆਪ' ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 15 ਸਤੰਬਰ 2022 ਨੂੰ ਦੀਵਾਲੀ ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ ਸੀ.ਐਸ.ਆਰ. ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ | ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਸਾਢੇ ਤਿੰਨ ਸਾਲ ਬਾਅਦ ਵੀ ਅਧੂਰਾ ਰਿਹਾ | ਜਿਸ ਨੂੰ ਯਾਦ ਦਿਵਾਉਣ ਲਈ ਪਟਿਆਲਾ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 26 ਜਨਵਰੀ ਨੂੰ ਪਟਿਆਲਾ ਵਿਖੇ ਸਿੱਖਿਆ ਮੰਤਰੀ ਦਾ ਉਨ੍ਹਾਂ ਵਲੋਂ ਕੀਤਾ ਵਾਅਦਾ ਯਾਦ ਕਰਵਾਉਣ ਲਈ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਪ੍ਰਚਾਰਿਆ ਜਾ ਰਿਹਾ ਹੈ ਕਿ ਅਸੀਂ ਪੰਜਾਬ ਦੇ ਲੋਕਾਂ ਦੇ ਲਈ ਕੇਸ ਲੜੇ ਦੇ ਉਲਟ ਚੱਲਦਿਆਂ 25 ਫਰਵਰੀ 2025 ਨੂੰ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਹਾਈਕੋਰਟ ਦੇ ਡਬਲ ਬੈਂਚ ਦੇ ਆਏ ਰੈਫਰੈਂਸ ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੇ ਖ਼ਿਲਾਫ਼ ਸੁਪਰੀਮ ਕੋਰਟ ਵਲ ਰੁਖ ਕੀਤਾ ਗਿਆ ਹੈ ਅਤੇ ਨਾਲ ਹੀ ਅਜੇ ਤੱਕ ਮੌਤ ਕੇਸਾਂ ਸੰਬੰਧੀ ਕੋਈ ਯੋਗ ਪਾਲਿਸੀ ਨਹੀਂ ਬਣਾਈ ਗਈ ਜੋ ਕਿ ਬਹੁਤ ਹੀ ਮਾੜੀ ਗੱਲ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪਟਿਆਲਾ ਦੇ ਜ਼ਿਲ੍ਹਾ ਕਨਵੀਨਰ ਸੁਖਵਿੰਦਰ ਸਿੰਘ ਸੈਣੀ, ਸੂਬਾ ਕਮੇਟੀ ਮੈਂਬਰ ਬਲਜੀਤ ਸਿੰਘ, ਰਣਜੀਤ ਸਿੰਘ, ਸੀਮਾ ਰਾਣੀ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਅਮਨਦੀਪ ਕੌਰ ਵਾਲੀਆ, ਤੇਜਿੰਦਰ ਸਿੰਘ, ਅਰਵਿੰਦ ਸਿੰਗਲਾ, ਰੁਚੀ ਗਰਗ, ਰਵਿੰਦਰ ਸਿੰਘ ਸੈਣੀ, ਰਾਕੇਸ਼ ਕੁਮਾਰ, ਮਨਪ੍ਰੀਤ ਸਿੰਘ, ਰਣਦੀਪ ਸਿੰਘ ਰਾਣਾ, ਨੀਰਜ ਸਿੰਘ, ਦਵਿੰਦਰ ਸਿੰਘ, ਕਮਲਜੀਤ ਸਿੰਘ, ਸੁਖਬੀਰ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ | ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਨੂੰ ਵੱਖਰੇ-ਵੱਖਰੇ ਪਲੇਟਫ਼ਾਰਮਾਂ 'ਤੇ ਘੇਰਨਾ ਪੈਣਾ | ਜਿਸ ਦੀ ਲੜੀ ਤਹਿਤ ਸਿੱਖਿਆ ਮੰਤਰੀ ਦਾ ਪਟਿਆਲਾ ਵਿਖੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਕੀਤਾ ਗਿਆ 15 ਸਤੰਬਰ 2022 ਦਾ ਵਾਅਦਾ ਯਾਦ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ ਝੰਡਾ ਅਗਲੀ ਖ਼ਬਰ ਭਾਜਪਾ 'ਚ ਸਿਆਸੀ ਪਿਛੋਕੜ ਜਾਂ ਪਰਿਵਾਰਵਾਦ ਨਾਲੋਂ ਕਾਬਲੀਅਤ ਉੱਚੀ-ਗੁਰਜੀਤ ਸਿੰਘ ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।