ਤਰਨ ਤਾਰਨ, 22 ਜਨਵਰੀ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਤੇ ਤਰਨ ਤਾਰਨ ਸਾਹਿਬ ਤੋੋਂ ਅੰਮਿ੍ਤਪਾਲ ਸਿੰਘ ਬਾਕੀਪੁਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਰੋਸ ਵਜੋਂ ਗਣਤੰਤਰ ਦਿਵਸ ਮੌਕੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਲਹਿਰਾਉਣ ਸਮੇਂ ਪੰਜਾਬ ਸਰਕਾਰ ਦੇ ਨਾਮ ਰੋਸ ਪੱਤਰ ਭੇਜੇ ਜਾਣਗੇ | ਆਗੂਆਂ ਨੇ ਭਗਵੰਤ ਮਾਨ ਦੀ ਸਰਕਾਰ ਤੇ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਐੱਨ.ਪੀ.ਐੱਸ. ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਇਕ ਵੀ ਮੁਲਾਜ਼ਮ ਦਾ ਜੀ.ਪੀ.ਐੱਫ ਦਾ ਖਾਤਾ ਨਹੀਂ ਖੋਲਿਆ ਹੈ, ਜਦਕਿ ਰਾਜਸਥਾਨ, ਛੱਤੀਸ਼ਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਨੇ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ | ਆਗੂਆਂ ਨੇ ਰੋਸ ਪ੍ਰਗਟ ਕਰਦੇ ਹੋਏ ਕਿ ਆਮ ਆਦਮੀ ਦੀ ਸਰਕਾਰ ਦੂਜੇ ਰਾਜਾਂ ਵਿਚ ਜਾ ਕੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਜ਼ੋਰਦਾਰ ਪ੍ਰਚਾਰ ਕਰਦੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ ਨਾਲ ਬੇਈਮਾਨੀ ਵਾਲੀ ਨੀਤੀ ਤੇ ਚੱਲ ਰਹੀ ਹੈ, ਜਿਸ ਨਾਲ ਮੁਲਾਜ਼ਮਾਂ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ |