ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਵਲੋਂ ਬਿਜਲੀ ਨਿਗਮ ਦੀ ਪਿੰਡ ਬਡੂੰਗਰ ਜ਼ਿਲ੍ਹਾ ਪਟਿਆਲਾ ਵਿਖੇ 50 ਏਕੜ ਜ਼ਮੀਨ ਦੀ ਮਾਲਕੀ ਪੁੱਡਾ ਨੂੰ ਤਬਦੀਲ ਕਰਨ ਦੇ ਖਿਲਾਫ਼ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸਾਂਝੇ ਧੜੇ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ (ਸਬੰਧਤ ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪੱਧਰੀ ਸੱਦੇ 'ਤੇ ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਸਰਕਲ ਤਰਨ ਤਾਰਨ ਵਿਚ ਪਾਵਰ ਮੈਨੇਜਮੈਂਟ ਅਤੇ ਸੀ. ਐੱਮ. ਡੀ. ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ | ਜ਼ਮੀਨਾਂ ਵੇਚਣ ਤੇ ਮੰਨੀਆਂ ਮੰਗਾਂ ਲਾਗੂ ਨਾਂ ਕਰਨ ਦੇ ਖਿਲਾਫ਼ ਰੋਸ ਜ਼ਾਹਰ ਕਰ ਰਹੇ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆ ਦੇ ਆਗੂ ਗੁਰਭੇਜ ਸਿੰਘ ਢਿੱਲੋਂ, ਕੁਲਵਿੰਦਰ ਸਿੰਘ, ਪੂਰਨਦਾਸ, ਜਸਪ੍ਰੀਤ ਸਿੰਘ ਸੋਹਲ, ਬਲਜਿੰਦਰ ਸਿੰਘ ਪਲਾਸੌਰ, ਰਣਜੀਤ ਸਿੰਘ ਤਰਨ ਤਾਰਨ, ਇੰਜੀਨੀਅਰ ਸੁਰੇਸ਼ ਕੁਮਾਰ, ਜੇ. ਈ. ਕਵਲਜੀਤ ਕੌਰ, ਜਸਬੀਰ ਕੌਰ, ਰੀਤੂ ਗੁਪਤਾ, ਸੰਨੀ ਕੁਮਾਰ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਤਰਨਜੀਤ ਸਿੰਘ ਨਾਗੋਕੇ, ਲਖਵਿੰਦਰ ਸਿੰਘ ਬਹਿਲਾ, ਜਸਬੀਰ ਸਿੰਘ, ਸੇਠੀ ਸਾਹਿਬ, ਮਨਜੀਤ ਸਿੰਘ ਜੇ. ਈ., ਤਜਿੰਦਰ ਸਿੰਘ ਜੇ. ਈ. ਆਦਿ ਨੇ ਕਿਹਾ ਕਿ ਪਾਵਰ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੇ ਮੀਟਿੰਗਾਂ ਵਿਚ ਹੋਈਆਂ ਸਹਿਮਤੀਆਂ ਦੇ ਉਲਟ ਵਾਅਦਾ ਖਿਲਾਫ਼ੀ ਕਰਦਿਆਂ 50 ਏਕੜ ਜ਼ਮੀਨ ਦੀ ਮਾਲਕੀ ਪੁੱਡਾ ਨੂੰ ਤਬਦੀਲ ਕਰ ਦਿੱਤੀ ਹੈ, ਜਿਸ ਕਰਕੇ ਸਮੁੱਚੇ ਪੰਜਾਬ ਦੇ ਬਿਜਲੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ | ਆਗੂਆਂ ਨੇ ਕਿਹਾ ਕਿ ਜਾਇਦਾਦਾਂ ਵੇਚਣ ਦੇ ਖਿਲਾਫ਼ ਵੱਡੀ ਲਹਿਰ ਖੜ੍ਹੀ ਕਰਨ ਤੇ ਮੰਨੀਆਂ ਹੋਈਆਂ ਵਾਜਿਬ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ 28 ਫਰਵਰੀ ਨੂੰ ਸਾਂਝੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |